ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ‘ਚਿੱਟੇ ਸੋਨੇ’ ਭਾਵ ਨਰਮੇ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੁਆਰਾ ਸਿਫ਼ਾਰਸ਼ ਕੀਤੇ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬਸਿਡੀ ਪ੍ਰੋਗਰਾਮ ਲਈ 20 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਅਤੇ ਇਸ ਸਬਸਿਡੀ ਪ੍ਰੋਗਰਾਮ ਦਾ ਪੂਰਾ ਖ਼ਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਸਹਿਣ ਕੀਤਾ ਜਾਵੇਗਾ। ਇਸ ਨਾਲ ਨਰਮਾ ਕਾਸ਼ਤਕਾਰਾਂ ‘ਤੇ ਵਿੱਤੀ ਬੋਝ ਨੂੰ ਘਟਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਨਰਮੇ ਦੇ ਗੈਰ-ਸਿਫ਼ਾਰਸ਼ ਕੀਤੇ ਹਾਈਬ੍ਰਿਡ ਬੀਜਾਂ ਦੀ ਕਾਸ਼ਤ ਨਾ ਕਰਕੇ ਚੰਗੀ ਪੈਦਾਵਾਰ ਵਾਲੇ ਕੀਟ-ਰੋਧਕ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ਦੀ ਕਾਸ਼ਤ ਲਈ ਉਤਸ਼ਾਹਿਤ ਕੀਤਾ ਜਾ ਸਕੇਗਾ।