ਨੈਸ਼ਨਲ – ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਖਤ ਨਿੰਦਾ ਕੀਤੀ ਹੈ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਟਵੀਟ ਕਰਦਿਆਂ ਲਿਖਿਆ ਕਿ ਮੈਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਉਨ੍ਹਾਂ ਲੋਕਾਂ ਪ੍ਰਤੀ ਮੇਰੀ ਹਮਦਰਦੀ ਹੈ। ਮੈਂ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
ਅੱਗੇ ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕੰਮ ਦੇ ਪਿੱਛੇ ਜੋ ਲੋਕ ਹਨ ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ… ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ! ਉਨ੍ਹਾਂ ਦਾ ਬੁਰਾ ਏਜੰਡਾ ਕਦੇ ਵੀ ਸਫਲ ਨਹੀਂ ਹੋਵੇਗਾ। ਅੱਤਵਾਦ ਨਾਲ ਲੜਨ ਦਾ ਸਾਡਾ ਇਰਾਦਾ ਅਟੱਲ ਹੈ ਅਤੇ ਇਹ ਹੋਰ ਵੀ ਮਜ਼ਬੂਤ ਹੋਵੇਗਾ।
ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਸ਼ਾਹ ਨੂੰ ਕਾਰਵਾਈ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਨੇ ਸ਼ਾਹ ਨੂੰ ਮੌਕੇ ‘ਤੇ ਜਾਣ ਲਈ ਕਿਹਾ ਹੈ। ਦੂਜੇ ਪਾਸੇ, ਸ਼ਾਹ ਨੇ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਹੈ। ਜਿਸ ਵਿੱਚ ਆਈ.ਬੀ. ਦੇ ਗ੍ਰਹਿ ਸਕੱਤਰ ਅਤੇ ਗ੍ਰਹਿ ਮੰਤਰਾਲੇ ਦੇ ਹੋਰ ਅਧਿਕਾਰੀ ਮੌਜੂਦ ਸਨ। ਜੰਮੂ-ਕਸ਼ਮੀਰ ਦੇ ਡੀਜੀਪੀ ਇਸ ਮੀਟਿੰਗ ਵਿੱਚ ਵਰਚੁਅਲ ਤੌਰ ‘ਤੇ ਸ਼ਾਮਲ ਹੋਏ। ਅੱਤਵਾਦੀ ਹਮਲੇ ਵਿੱਚ ਹੁਣ ਤੱਕ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। 12 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਹੈ।