ਕੋਲਕਾਤਾ : ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਮੰਗਲਵਾਰ ਦੇਰ ਰਾਤ ਕੋਲਕਾਤਾ ਦੇ ਇੱਕ ਹੋਟਲ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਮੱਧ ਕੋਲਕਾਤਾ ਦੇ ਫਲਪੱਟੀ ਮਛੂਆ ਨੇੜੇ ਵਾਪਰੀ। ਪੁਲਸ ਕਮਿਸ਼ਨਰ ਮਨੋਜ ਕੁਮਾਰ ਵਰਮਾ ਨੇ ਦੱਸਿਆ ਕਿ ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ, ਅਜੇ ਵੀ ਕੁਝ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ ਅਤੇ ਉਨ੍ਹਾਂ ਨੂੰ ਬਾਹਰ ਕੱਢਣ ਲਈ ਰੈਸਕਿਊ ਆਪ੍ਰੇਸ਼ਨ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਘਟਨਾ ਦੀ ਜਾਂਚ ਲਈ ਇੱਕ ਵਿਸ਼ੇਸ਼ ਟੀਮ ਬਣਾਈ ਗਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਕਈ ਆਗੂਆਂ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਸੂਬਾ ਸਰਕਾਰ ਨੂੰ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।
ਕੋਲਕਾਤਾ ਦੇ ਪੁਲਸ ਕਮਿਸ਼ਨਰ ਮਨੋਜ ਕੁਮਾਰ ਵਰਮਾ ਨੇ ਦੱਸਿਆ ਕਿ ਮੰਗਲਵਾਰ ਰਾਤ ਲਗਭਗ 8:15 ਵਜੇ ਰਿਤੁਰਾਜ ਹੋਟਲ ਵਿੱਚ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ 14 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਕਈ ਲੋਕਾਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਲਈ ਇੱਕ ਵਿਸ਼ੇਸ਼ ਟੀਮ ਵੀ ਬਣਾਈ ਗਈ ਹੈ।