ਚੰਡੀਗੜ੍ਹ : ਭਾਰਤ ਨੇ ਆਪਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਵਿਚ ਏਅਰ ਸਟ੍ਰਾਈਕ ਕਰਕੇ 9 ਅੱਤਵਾਦੀ ਅੱਡਿਆਂ ਨੂੰ ਤਹਿਸ-ਨਹਿਸ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਭਾਰਤ ਦੀ ਇਸ ਕਾਰਵਾਈ ਦੌਰਾਨ 100 ਦੇ ਕਰੀਬ ਅੱਤਵਾਦੀ ਮਾਰੇ ਗਏ ਹਨ। ਭਾਰਤ ਦੀ ਇਸ ਕਾਰਵਾਈ ਤੋਂ ਬਾਅਦ ਬਣੇ ਜੰਗ ਦੇ ਹਾਲਾਤ ਦਰਮਿਆਨ ਪੰਜਾਬ ਅਤੇ ਹਰਿਆਣਾ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਸ ਦੇ ਚੱਲਦੇ ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿਚ ਅਗਲੇ ਹੁਕਮਾਂ ਤਕ ਸਕੂਲ ਬੰਦ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜੀਰੀਵਾਲ ਨੇ ਅੱਜ ਪੰਜਾਬ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਮੁੱਖ ਮੰਤਰੀ ਵੱਲੋਂ ਅੱਜ ਜਲੰਧਰ ਵਿਚ ਰੱਖਿਆ ਪ੍ਰੋਗਰਾਮ ਵੀ ਟਾਲ ਦਿੱਤਾ ਗਿਆ ਹੈ।
ਅਹਿਤਿਆਤ ਵਜੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਨੂੰ ਸਵੇਰੇ 10 ਵਜੇ ਤਕ ਬੰਦ ਕਰ ਦਿੱਤਾ ਗਿਆ ਹੈ। ਇਸ ਮਗਰੋਂ ਇਹ ਸਮਾਂ ਹੋਰ ਵਧਾਇਆ ਜਾ ਸਕਦਾ ਹੈ। ਫ਼ਿਲਹਾਲ 10 ਵਜੇ ਤਕ ਦੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਯਾਤਰੀਆਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਹਵਾਈ ਅੱਡੇ ਵੱਲ ਆਉਣ ਤੋਂ ਪਹਿਲਾਂ ਆਪਣੀ ਫ਼ਲਾਈਟ ਦੀ ਸਥਿਤੀ ਦੀ ਪੁਸ਼ਟੀ ਕਰ ਲੈਣ। ਅਗਲੀ ਸੂਚਨਾ ਮਿਲਣ ਤਕ ਫਿਲਹਾਲ ਸਾਰੀਆਂ ਫਲਾਈਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ।