ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਰਪ ਦੇ ਤਿੰਨ ਦੇਸ਼ਾਂ ਦੀ ਯਾਤਰਾ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਰੱਦ ਕਰ ਦਿੱਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੀ.ਐੱਮ. ਮੋਦੀ ਦਾ 13 ਤੋਂ 17 ਮਈ ਤੱਕ ਕ੍ਰੋਏਸ਼ੀਆ, ਨਾਰਵੇ ਅਤੇ ਨੀਦਰਲੈਂਡ ਦੀ ਯਾਤਰਾ ਦਾ ਪ੍ਰੋਗਰਾਮ ਸੀ। ਪ੍ਰਧਾਨ ਮੰਤਰੀ ਨੇ ਨਾਰਵੇ ‘ਚ ਨਾਰਡਿਕ ਸੰਮੇਲਨ ‘ਚ ਹਿੱਸਾ ਲੈਣਾ ਸੀ। ਸੂਤਰਾਂ ਨੇ ਕਿਹਾ ਕਿ ਯਾਤਰਾ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਬੰਧਤ ਦੇਸ਼ਾਂ ਨੂੰ ਇਸ ਫ਼ੈਸਲੇ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਭਾਰਤ ਨੇ ਮੰਗਲਵਾਰ ਨੂੰ ਦੇਰ ਰਾਤ ਪਾਕਿਸਾਤਨ ‘ਤੇ ਏਅਰ ਸਟ੍ਰਾਈਕ ਕੀਤਾ ਅਤੇ ਉਸ ਦੇ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ। ਭਾਰਤ ਨੇ ਮਿਜ਼ਾਈਲ ਹਮਲਿਆਂ ਰਾਹੀਂ ਪਾਕਿਸਤਾਨ ਵਿੱਚ ਖਤਰਨਾਕ ਅੱਤਵਾਦੀ ਮਸੂਦ ਅਜ਼ਹਰ ਅਤੇ ਹਾਫਿਜ਼ ਸਈਦ ਦੇ ਟਿਕਾਣਿਆਂ ਨੂੰ ਵੀ ਤਬਾਹ ਕਰ ਦਿੱਤਾ ਹੈ। ਭਾਰਤ ਨੇ ਕੋਟਲੀ, ਮੁਜ਼ੱਫਰਾਬਾਦ ਅਤੇ ਬਹਾਵਲਪੁਰ ‘ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਹੈ।