ਜੰਮੂ – ਜੰਮੂ-ਕਸ਼ਮੀਰ ਦੇ ਰਾਜੌਰੀ, ਪੁੰਛ ਅਤੇ ਜੰਮੂ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਤੜਕੇ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਇੱਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਸਮੇਤ 5 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਰਾਜੌਰੀ ਦੇ ਵਧੀਕ ਜ਼ਿਲ੍ਹਾ ਵਿਕਾਸ ਕਮਿਸ਼ਨਰ ਰਾਜ ਕੁਮਾਰ ਥਾਪਾ ਅਤੇ ਉਨ੍ਹਾਂ ਦੇ ਸਟਾਫ਼ ਦੇ 2 ਕਰਮਚਾਰੀ ਸ਼ਹਿਰ ਵਿੱਚ ਉਨ੍ਹਾਂ (ਥਾਪਾ) ਦੇ ਘਰ ‘ਤੇ ਇੱਕ ਸ਼ੈੱਲ ਡਿੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਰਕਾਰੀ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਥਾਪਾ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਮੁੱਖ ਮੰਤਰੀ ਉਮਰ ਅਬਦੁੱਲਾ ਨੇ ਥਾਪਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।
ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ ਮੁੱਖ ਮੰਤਰੀ ਨੇ ਕਿਹਾ, “ਰਾਜੌਰੀ ਤੋਂ ਦੁਖਦਾਈ ਖ਼ਬਰ ਮਿਲੀ। ਅਸੀਂ ਜੰਮੂ-ਕਸ਼ਮੀਰ ਪ੍ਰਸ਼ਾਸਨਿਕ ਸੇਵਾਵਾਂ ਦੇ ਇੱਕ ਸਮਰਪਿਤ ਅਧਿਕਾਰੀ ਨੂੰ ਗੁਆ ਦਿੱਤਾ ਹੈ। ਉਨ੍ਹਾਂ (ਥਾਪਾ) ਨੇ ਕੱਲ੍ਹ ਉਪ ਮੁੱਖ ਮੰਤਰੀ ਦੇ ਨਾਲ ਜ਼ਿਲ੍ਹੇ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ ਅਤੇ ਮੇਰੀ ਪ੍ਰਧਾਨਗੀ ਹੇਠ ਹੋਈ ਔਨਲਾਈਨ ਮੀਟਿੰਗ ਵਿੱਚ ਵੀ ਹਿੱਸਾ ਲਿਆ ਸੀ। ਪਾਕਿਸਤਾਨ ਵੱਲੋਂ ਰਾਜੌਰੀ ਸ਼ਹਿਰ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਗੋਲੀਬਾਰੀ ਵਿੱਚ ਉਨ੍ਹਾਂ (ਥਾਪਾ) ਦੀ ਰਿਹਾਇਸ਼ ਨੂੰ ਨੁਕਸਾਨ ਪਹੁੰਚਿਆ ਸੀ ਅਤੇ ਵਧੀਕ ਜ਼ਿਲ੍ਹਾ ਵਿਕਾਸ ਕਮਿਸ਼ਨਰ ਰਾਜ ਕੁਮਾਰ ਥਾਪਾ ਦੀ ਮੌਤ ਹੋ ਗਈ। ਮੇਰੇ ਕੋਲ ਆਪਣਾ ਦੁੱਖ ਪ੍ਰਗਟ ਕਰਨ ਲਈ ਸ਼ਬਦ ਨਹੀਂ ਹਨ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।”