ਜਲੰਧਰ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਆਰਥਿਕ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਹੈ। ਪ੍ਰਤਾਪ ਬਾਜਵਾ ਨੇ ਇਕ ਪੱਤਰਕਾਰ ਮਿਲਣੀ ਦੌਰਾਨ ਕਿਹਾ ਕਿ 1947 ਤੋਂ ਲੈ ਕੇ 1965-71 ਦੀ ਜੰਗ ਵਿਚ ਸਭ ਤੋਂ ਜ਼ਿਆਦਾ ਨੁਕਸਾਨ ਪੰਜਾਬ ਨੂੰ ਝੱਲਣਾ ਪਿਆ ਹੈ। ਹਾਲ ਹੀ ਵਿਚ ਹੋਈ ਭਾਰਤ-ਪਾਕਿ ਜੰਗ ਕਾਰਨ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਆਮ ਜਨਜੀਵਨ ਅਤੇ ਆਰਥਿਕਤਾ ’ਤੇ ਬੁਰਾ ਅਸਰ ਪਿਆ ਹੈ। ਪ੍ਰਤਾਪ ਬਾਜਵਾ ਨੇ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਰਗੇ ਜ਼ਿਲ੍ਹਿਆਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਅਤੇ ਕਿਹਾ ਕਿ ਇਥੋਂ ਦੇ ਲੋਕ ਅੱਤਵਾਦ, ਪਲਾਇਨ ਅਤੇ ਆਰਥਿਕ ਅਸਥਿਰਤਾ ਨਾਲ ਜੂਝ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਦੀ ਆਬਾਦੀ ਲਗਭਗ 50 ਲੱਖ ਹੈ ਅਤੇ ਇਹ ਜ਼ਿਲ੍ਹੇ ਪੰਜਾਬ ਦੀ ਖੇਤੀਬਾੜੀ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ ਪਰ ਉਦਯੋਗਾਂ ਦੀ ਘਾਟ ਅਤੇ ਸੀਮਤ ਨਿਵੇਸ਼ ਕਾਰਨ ਇਥੇ ਰੁਜ਼ਗਾਰ ਦੇ ਕੋਈ ਮੌਕੇ ਨਹੀਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਕੇਂਦਰ ਦੀ ਵਾਜਪਾਈ ਸਰਕਾਰ ਨੇ 2003 ਤੋਂ 2013 ਦੌਰਾਨ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਹੋਰ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਦਰਜਾ ਦੇ ਕੇ ਟੈਕਸ ਛੋਟ ਦਿੱਤੀ ਸੀ, ਉਸੇ ਤਰ੍ਹਾਂ ਪੰਜਾਬ ਦੇ ਇਨ੍ਹਾਂ ਸਰਹੱਦੀ ਇਲਾਕਿਆਂ ਨੂੰ ਵੀ ਵਿਸ਼ੇਸ਼ ਆਰਥਿਕ ਪੈਕੇਜ ਦਿੱਤਾ ਜਾਵੇ। ਇਸ ਨਾਲ ਜਿੱਥੇ ਕੰਪਨੀਆਂ ਪੰਜਾਬ ਵਿਚ ਉਦਯੋਗ ਲਗਾਉਣ ਲਈ ਅੱਗੇ ਆਉਣਗੀਆਂ, ਉੱਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ।