ਪੰਜਾਬ ਸਰਕਾਰ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸੇ ਤਹਿਤ 7 ਕਰੋੜ ਦੀ ਲਾਗਤ ਨਾਲ ਫਾਜ਼ਿਲਕਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਦੀ 19 ਮਈ ਨੂੰ ਕੈਬਨਿਟ ਮੰਤਰੀ ਵਲੋਂ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕੀਤੀ ਜਾਵੇਗੀ। ਇਹ ਜਾਣਕਾਰੀ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ।
ਵਿਧਾਇਕ ਸਵਨਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਫਾਜ਼ਿਲਕਾ ਸ਼ਹਿਰ ’ਚ ਪੀਣ ਦੇ ਪਾਣੀ ਦੀ ਸਪਲਾਈ ਲਈ ਪਾਈਪਲਾਈਨ ਪਾਉਣ ਲਈ 6.98 ਕਰੋੜ ਰੁਪਏ ਨਾਲ ਸ਼ਹਿਰ ’ਚ 20 ਕਿਲੋਮੀਟਰ ਲੰਬੀ ਪੀਣ ਦੇ ਪਾਣੀ ਦੀ ਪਾਈਪਲਾਈਨ ਵਿਛਾਈ ਜਾਵੇਗੀ ਅਤੇ ਇਸ ਨਾਲ ਲਗਭਗ 2000 ਘਰਾਂ ਤੱਕ ਪੀਣ ਦਾ ਸਾਫ਼ ਪਾਣੀ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਸ਼ਹਿਰ ਦੇ ਖ਼ਾਸ ਕਰ ਕੇ ਬਾਹਰੀ ਇਲਾਕਿਆਂ ਅਤੇ ਸਲੱਮ ਖੇਤਰਾਂ ’ਚ ਇਸ ਰਕਮ ਨਾਲ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਪਾਈਪਲਾਈਨ ਵਿਛਾਈ ਜਾਵੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਮੁਫ਼ਤ ਪਾਣੀ ਦੇ ਕੁਨੈਕਸ਼ਨ ਕਰ ਕੇ ਦਿੱਤੇ ਜਾਣਗੇ।