ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਤਿੰਨ ਸੀਟਾਂ ਹਾਸਿਲ ਹੋਈਆਂ ਹਨ। ਇਸ ਤੋਂ ਬਾਅਦ ਵੀਰਵਾਰ ਨੂੰ ਸੀਐੱਮ ਮਾਨ ਨੇ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੀਟਿੰਗ ਵਿੱਚ ਲੋਕ ਸਭਾ ਹਲਕੇ ਸੰਗਰੂਰ, ਹੁਸ਼ਿਆਰਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ ਵਿਧਾਇਕ ਅਤੇ ਚੇਅਰਮੈਨ ਵੀ ਸ਼ਾਮਲ ਹੋਏ। ਸੀਐੱਮ ਮਾਨ ਨੇ ਤਿੰਨਾਂ ਜੇਤੂ ਸੰਸਦ ਮੈਂਬਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਹੁਣ ਚੋਣਾਂ ਖ਼ਤਮ ਹੋ ਚੁੱਕੀਆਂ ਹਨ ਅਤੇ ‘ਆਪ’ ਆਗੂਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈl
ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਹੁਣ ਪਾਰਲੀਮੈਂਟ ਵਿੱਚ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਤੁਹਾਨੂੰ ਦੱਸ ਦਈਏ ਕੇ ‘ਆਪ’ ਦੇ ਗੜ੍ਹ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ, ਹੁਸ਼ਿਆਰਪੁਰ ਤੋਂ ਡਾ.ਰਾਜ ਕੁਮਾਰ ਚੱਬੇਵਾਲ ਅਤੇ ਮਲਵਿੰਦਰ ਸਿੰਘ ਕੰਗ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਜਿੱਤ ਹਾਸਿਲ ਕੀਤੀ ਹੈ। ਮਾਨ ਨੇ ਕਿਹਾ ਕਿ ‘ਆਪ’ ਦੇ ਤਿੰਨੋਂ ਸੰਸਦ ਮੈਂਬਰ ਚੰਗੇ ਬੁਲਾਰੇ ਹਨ, ਉਹ ਪੰਜਾਬ ਦੇ ਮੁੱਦਿਆਂ ਲਈ ਪਾਰਲੀਮੈਂਟ ਵਿੱਚ ਜ਼ੋਰਦਾਰ ਆਵਾਜ਼ ਬਣਨਗੇ। ਇਸ ਦੇ ਨਾਲ ਹੀ ਸੀਐੱਮ ਮਾਨ ਨੇ ਤਿੰਨਾਂ ਸੰਸਦ ਮੈਂਬਰਾਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਦੇ ਹੁਕਮ ਦਿੱਤੇ ਤੇ ਕਿਹਾ ਕਿ ਪੰਜਾਬ ਦੀ ਨੁਮਾਇੰਦਗੀ ਲਈ ਸੰਸਦ ਵਿੱਚ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਕੀਤੀ ਜਾਵੇ।
ਇਸ ਤੋਂ ਬਾਅਦ ਲੋਕ ਸਭਾ ਚੋਣ ਜੇਤੂ ਤਿੰਨਾਂ ਸੰਸਦ ਮੈਂਬਰਾਂ ਨੇ ਸੀਐੱਮ ਮਾਨ ਸਮੇਤ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਸੰਗਰੂਰ ਦੇ ਲੋਕਾਂ ਨੇ ਪੰਜਾਬ ਸਰਕਾਰ ਵਜੋਂ ਸਾਡੇ ਲੋਕ ਭਲਾਈ ਦੇ ਕੰਮਾਂ ਦਾ ਇਨਾਮ ਦੇਣ ਲਈ ਸਾਨੂੰ ਵੋਟਾਂ ਪਾਈਆਂ ਹਨ। ਮਲਵਿੰਦਰ ਸਿੰਘ ਕੰਗ ਨੇ ਆਪਣੀ ਜਿੱਤ ਦਾ ਸਿਹਰਾ ‘ਆਪ’ ਲੀਡਰਸ਼ਿਪ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਵਿੱਚ ਹੀ ਇਹ ਸੰਭਵ ਹੈ ਕਿ ਕੋਈ ਵਲੰਟੀਅਰ ਵੀ ਐਮ.ਪੀ. ਬਣ ਸਕਦਾ ਹੈ। ਇਸ ਤੋਂ ਇਲਾਵਾ ਡਾ.ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਹਰ ਵਲੰਟੀਅਰ ਅਤੇ ਆਗੂ ਦੀ ਟੀਮ ਦੀ ਕੋਸ਼ਿਸ਼ ਸਦਕਾ ਹੀ ਉਨ੍ਹਾਂ ਨੇ ਭਾਜਪਾ ਨੂੰ ਉਨ੍ਹਾਂ ਦੇ ਗੜ੍ਹ ਵਿੱਚ ਹਰਾਇਆ।