ਅੰਮ੍ਰਿਤਸਰ ‘ਆਪ੍ਰੇਸ਼ਨ ਸਿੰਧੂਰ’ ਦੌਰਾਨ ਪਾਕਿਸਤਾਨ ਦੀ ਜਵਾਬੀ ਕਾਰਵਾਈ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਵਿਖੇ ਏਅਰ ਡਿਫੈਂਸ ਗੰਨ ਤਾਇਨਾਤ ਕੀਤੇ ਜਾਣ ਦੀਆਂ ਖ਼ਬਰਾਂ ਵਿਚਾਲੇ ਭਾਰਤੀ ਫ਼ੌਜ ਨੇ ਸਪਸ਼ਟ ਕੀਤਾ ਹੈ ਕਿ ਇਸ ਪਵਿੱਤਰ ਧਾਰਮਿਕ ਅਸਥਾਨ ‘ਤੇ ਕਿਸੇ ਵੀ ਤਰ੍ਹਾਂ ਦੇ ਏਅਰ ਡਿਫੈਂਸ ਸਿਸਟਮ ਦੀ ਤਾਇਨਾਤੀ ਨਹੀਂ ਕੀਤੀ ਗਈ ਸੀ। ਭਾਰਤੀ ਫ਼ੌਜ ਨੇ ਮੰਗਲਵਾਰ ਨੂੰ ਕਿਹਾ ਕਿ ਮੀਡੀਆ ਰਿਪੋਰਟ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਏਅਰ ਡਿਫੈਂਸ ਸਿਸਟਮ ਤਾਇਨਾਤ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਫ਼ੌਜ ਨੇ ਸਾਫ਼ ਕੀਤਾ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਚ ਕਿਸੇ ਵੀ ਤਰ੍ਹਾਂ ਦਾ ਏਅਰ ਡਿਫੈਂਸ ਸਿਸਟਮ ਜਾਂ ਹੋਰ ਡਿਫੈਂਸ ਸਿਸਟਮ ਤਾਇਨਾਤ ਨਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਬਾਰੇ ਮੀਡੀਆ ਰਿਪੋਰਟਾਂ ਵਿਚ ਫ਼ੌਜ ਦੇ ਇਕ ਅਫ਼ਸਰ ਦੇ ਹਵਾਲੇ ਤੋਂ ਕਿਹਾ ਗਿਆ ਸੀ ਕਿ ਪਾਕਿਸਤਾਨ ਦੀ ਜਵਾਬੀ ਕਾਰਵਾਈ ਦੇ ਖ਼ਤਰੇ ਨੂੰ ਵੇਖਦਿਆਂ ਸ੍ਰੀ ਦਰਬਾਰ ਸਾਹਿਬ ਵਿਚ ਏਅਰ ਡਿਫੈਂਸ ਗੰਨ ਤਾਇਨਾਤ ਕੀਤੀ ਗਈ ਸੀ। ਇਸ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵੱਲੋਂ ਇਨ੍ਹਾਂ ਰਿਪੋਰਟਾਂ ਦਾ ਖੰਡਨ ਕਰਦਿਆਂ ਕਿਹਾ ਸੀ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਏਅਰ ਡਿਫੈਂਸ ਗੰਨ ਤਾਇਨਾਤ ਨਹੀਂ ਕੀਤੀ ਗਈ ਸੀ।