ਜਲੰਧਰ-– ਸੂਬੇ ਵਿਚ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਜਲ ਸਰੋਤ ਵਿਭਾਗ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਆਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਨਿਰਵਿਘਨ ਸਪਲਾਈ ਕੀਤੀ ਜਾਵੇਗੀ ਕਿਉਂਕਿ ਨਹਿਰਾਂ ’ਚੋਂ ਚਿੱਕੜ ਕੱਢਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਕੌਮਾਂਤਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਇਲਾਕਿਆਂ ਵਿਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸੇ ਤਰ੍ਹਾਂ 15 ਜੂਨ ਤੋਂ ਮੋਗਾ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐੱਸ. ਏ. ਐੱਸ. ਨਗਰ), ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਲਈ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।