ਚੰਡੀਗੜ੍ਹ : ਸਿੱਖਿਆ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ (ਐੱਮ.ਓ.ਆਰ.ਟੀ.ਐੱਚ.) ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰਾਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਵਾਸਤੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਇਸ ਕਦਮ ਦਾ ਸਵਾਗਤ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਸਥਾਨਕ ਲੋਕਾਂ ਤੇ ਰਾਹਗੀਰਾਂ ਨੂੰ ਵਧਾਈ ਦਿੱਤੀ ਕਿਉਂਕਿ ਇਹ ਸੜਕ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰਦੀ ਹੈ ਤੇ ਖਾਸ ਕਰਕੇ ਇਹ ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਵਰਗੇ ਪਵਿੱਤਰ ਅਸਥਾਨਾਂ ਨੂੰ ਜੋੜਦੀ ਹੈ। ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇ ਨੂੰ ਚਹੁੰ-ਮਾਰਗੀ ਕਰਨ ਲਈ ਨੰਗਲ ਦੇ 21 ਪਿੰਡਾਂ ਤੇ ਸ੍ਰੀ ਅਨੰਦਪੁਰ ਸਾਹਿਬ ਦੇ 34 ਪਿੰਡਾਂ ਦੀ ਹਾਈਵੇ ਨੇੜਲੀ ਜ਼ਮੀਨ ਪ੍ਰਾਪਤ ਕੀਤੀ ਜਾਵੇਗੀ, ਜਿਸ ਦੇ ਲਾਗੂ ਕਰਨ ਲਈ ਸਬੰਧਤ ਐੱਸ.ਡੀ.ਐੱਮ. ਨੂੰ ਅਧਿਕਾਰ ਦਿੱਤੇ ਗਏ ਹਨ।