ਚੰਡੀਗੜ੍ਹ – ਪੰਜਾਬ ਅਤੇ ਦੇਸ਼ ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਆਂਧਰਾ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਸੱਭਿਆਚਾਰਕ ਆਦਾਨ-ਪ੍ਰਦਾਨ, ਭਾਸ਼ਾਈ ਵਿਭਿੰਨਤਾ ਅਤੇ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਨ ਲਈ ਉਲੀਕੇ 5-ਰੋਜ਼ਾ ਪ੍ਰੋਗਰਾਮ ਤਹਿਤ ਪੰਜਾਬੀ ਭਾਸ਼ਾ ਸਿੱਖਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।
ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੇਂਦਰੀ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਅਤੇ ਆਂਧਰਾ ਪ੍ਰਦੇਸ਼ ਨੂੰ ਇਸ ਪ੍ਰੋਗਰਾਮ ਅਧੀਨ ਇੱਕ ਗਰੁੱਪ ਵਿੱਚ ਰੱਖਿਆ ਗਿਆ ਹੈ। ਇਸ ਐਕਸਚੇਂਜ ਪ੍ਰੋਗਰਾਮ ਦੇ ਹਿੱਸੇ ਵਜੋਂ, ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤੇਲਗੂ ਦੀ ਮੁੱਢਲੀ ਜਾਣਕਾਰੀ ਦਿੱਤੀ ਜਾਵੇਗੀ, ਜਦਕਿ ਆਂਧਰਾ ਪ੍ਰਦੇਸ਼ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਪੰਜਾਬੀ ਸਿੱਖਣਗੇ।
ਉਨ੍ਹਾਂ ਦੱਸਿਆ ਕਿ ਇਸ ਪੈਨ-ਇੰਡੀਆ ਪਹਿਲਕਦਮੀ ਵਿੱਚ ਵੱਖ-ਵੱਖ ਰਾਜਾਂ ਦੇ ਗਰੁੱਪ ਬਣਾਏ ਗਏ ਹਨ, ਜਿਸ ਵਿੱਚ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤਾਮਿਲਨਾਡੂ ਨਾਲ, ਹਿਮਾਚਲ ਪ੍ਰਦੇਸ਼ ਨੂੰ ਕੇਰਲਾ ਨਾਲ, ਉੱਤਰਾਖੰਡ ਨੂੰ ਕਰਨਾਟਕਾ ਨਾਲ, ਹਰਿਆਣਾ ਨੂੰ ਤੇਲੰਗਾਨਾ ਨਾਲ, ਰਾਜਸਥਾਨ ਨੂੰ ਅਸਾਮ ਨਾਲ, ਗੁਜਰਾਤ ਨੂੰ ਛੱਤੀਸਗੜ੍ਹ ਨਾਲ, ਮਹਾਰਾਸ਼ਟਰ ਨੂੰ ਓਡੀਸ਼ਾ ਨਾਲ, ਗੋਆ ਨੂੰ ਝਾਰਖੰਡ ਨਾਲ, ਦਿੱਲੀ ਨੂੰ ਸਿੱਕਿਮ ਨਾਲ, ਮੱਧ ਪ੍ਰਦੇਸ਼ ਨੂੰ ਮਨੀਪੁਰ ਅਤੇ ਨਾਗਾਲੈਂਡ ਨਾਲ, ਯੂ.ਪੀ. ਨੂੰ ਅਰੁਣਾਚਲ ਪ੍ਰਦੇਸ਼ ਅਤੇ ਮੇਘਾਲਿਆ ਨਾਲ ਅਤੇ ਬਿਹਾਰ ਨੂੰ ਤ੍ਰਿਪੁਰਾ ਅਤੇ ਮਿਜ਼ੋਰਮ ਨਾਲ ਰੱਖਿਆ ਗਿਆ ਹੈ, ਜੋ ਇਸ ਪ੍ਰੋਗਰਾਮ ਦੀ ਵਿਆਪਕ ਪਹੁੰਚ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਦੀ ਸੰਭਾਵਨਾ ਨੂੰ ਦਰਸਾਉਂਦਾ ਹੈ।