ਲੋਕ ਸਭਾ ਚੋਣਾਂ ਦੇ ਨਤੀਜਿਆ ਤੋਂ ਬਾਅਦ ਐੱਨਡੀਏ ਗਠਜੋੜ ਦੀ ਸਰਕਾਰ ਤੀਜੀ ਵਾਰ ਬਣਨ ਜਾ ਰਹੀ ਹੈ। ਐਤਵਾਰ 9 ਜੂਨ ਨੂੰ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਵੱਜੋਂ ਸਹੁੰ ਚੁੱਕਣਗੇ। ਹਾਲਾਂਕਿ ਇਸ ਤੋਂ ਪਹਿਲਾਂ ਇੰਡੀਆ ਗਠਜੋੜ ਵੱਲੋਂ ਸਰਕਾਰ ਬਣਾਉਣ ਦੇ ਦਾਅਵੇ ਦੀਆਂ ਅਟਕਲਾਂ ਲੱਗ ਰਹੀਆਂ ਸੀ। ਕਿਉਂਕਿ ਇੰਡੀਆ ਗਠਜੋੜ ਨੇ ਦਾਅਵਾ ਕੀਤਾ ਸੀ ਕਿ ਉਹ ਬਾਕੀ ਸਹਿਯੋਗੀਆਂ ਨਾਲ ਗੱਲਬਾਤ ਕਰਕੇ ਦੱਸੇਗਾ ਕਿ ਉਨ੍ਹਾਂ ਨੇ ਸਰਕਾਰ ਬਣਾਉਣੀ ਹੈ ਜਾਂ ਵਿਰੋਧੀ ਧਿਰ ਵਿੱਚ ਰਹਿਣਾ ਹੈ। ਇਸ ਤੋਂ ਬਾਅਦ ਇੰਡੀਆ ਗਠਜੋੜ ਨੇ ਬੈਠਕ ਤੋਂ ਬਾਅਦ ਵਿਰੋਧੀ ਧਿਰ ’ਚ ਰਹਿਣ ਦਾ ਐਲਾਨ ਕੀਤਾ।
ਇਸੇ ਨੂੰ ਲੈ ਕੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ਨੀਵਾਰ ਨੂੰ ਕਿਹਾ ਕਿ ਵਿਰੋਧੀ ਪਾਰਟੀ ਨੇ ਅਜੇ ਤੱਕ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਹੀਂ ਕੀਤਾ ਤਾਂ ਇਸਦਾ ਮਤਲਬ ਇਹ ਨਹੀਂ ਕਿ ਕੱਲ੍ਹ ਨੂੰ ਕੋਸ਼ਿਸ਼ ਨਹੀਂ ਕੀਤੀ ਜਾਵੇਗੀ।
ਦਰਅਸਲ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਸੰਕੇਤ ਦਿੱਤਾ ਹੈ ਕਿ ਭਵਿੱਖ ਵਿੱਚ ਇੰਡੀਆ ਗਠਜੋੜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਸਕਦਾ ਹੈ। ਬੈਨਰਜੀ ਨੇ ਟੀਐਮਸੀ ਦੇ ਨਵੇਂ ਚੁਣੇ ਸੰਸਦ ਮੈਂਬਰਾਂ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਦੇਸ਼ ਨੂੰ ਬਦਲਾਅ ਦੀ ਲੋੜ ਹੈ, ਇਹ ਬਦਲਾਅ ਚਾਹੁੰਦਾ ਹੈ। ਇਹ ਫਤਵਾ ਬਦਲਾਅ ਲਈ ਸੀ। ਅਸੀਂ ਇੰਤਜ਼ਾਰ ਕਰ ਰਹੇ ਹਾਂ ਅਤੇ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ। ਇਹ ਫਤਵਾ ਨਰਿੰਦਰ ਮੋਦੀ ਦੇ ਵਿਰੁੱਧ ਸੀ, ਇਸ ਲਈ ਉਨ੍ਹਾਂ ਨੂੰ ਇਸ ਵਾਰ ਪ੍ਰਧਾਨ ਮੰਤਰੀ ਨਹੀਂ ਬਣਾਇਆ ਜਾਣਾ ਚਾਹੀਦਾ। ਕਿਸੇ ਹੋਰ ਨੂੰ ਅਹੁਦਾ ਸੰਭਾਲਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਸੀ।
ਉਨ੍ਹਾਂ ਕਿਹਾ, ਭਾਜਪਾ ਗੈਰ-ਜਮਹੂਰੀ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਸਰਕਾਰ ਬਣਾ ਰਹੀ ਹੈ। ਹਾਲਾਂਕਿ, ਇੰਡੀਆ ਗਠਜੋੜ ਨੇ ਅਜੇ ਤੱਕ ਸਰਕਾਰ ਬਣਾਉਣ ਦਾ ਦਾਅਵਾ ਨਹੀਂ ਕੀਤਾ ਹੈ, ਪਰ ਇਸਦਾ ਮਤਲਬ ਇਹ ਨਹੀਂ ਕਿ ਉਹ ਕੱਲ੍ਹ ਨੂੰ ਅਜਿਹਾ ਦਾਅਵਾ ਪੇਸ਼ ਨਹੀਂ ਕਰੇਗਾ। ਸਾਨੂੰ ਥੋੜਾ ਇੰਤਜ਼ਾਰ ਕਰਨਾ ਚਾਹੀਦਾ ਹੈ। ਉਹ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੂੰ ਕਮਜ਼ੋਰ ਅਤੇ ਅਸਥਿਰ ਦੇਖ ਕੇ ਖੁਸ਼ ਹੋਣਗੇ।
ਇਸ ਦੇ ਨਾਲ ਹੀ ਟੀਐਮਸੀ ਸੁਪਰੀਮੋ ਮਮਤਾ ਬੈਨਰਜੀ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ ਨਾਂ ਤਾਂ ਸੱਦਾ ਆਇਆ ਹੈ ਤੇ ਨਾਂ ਹੀ ਉਹ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ।