ਨਥਾਣਾ : ਸਿਹਤ ਵਿਭਾਗ ਵਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾ. ਰਮਨਦੀਪ ਸਿੰਗਲਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਸਰਾਂ ਵਲੋਂ ਕੋਵਿਡ-19 ਸੰਬੰਧੀ ਆ ਰਹੇ ਕੇਸਾਂ ਦੇ ਸਬੰਧ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸੋਸ਼ਲ ਮੀਡੀਆ ਉਪਰ ਜਾਰੀ ਵੀਡੀਓ ਸੁਨੇਹੇ ਦੇ ਹਵਾਲੇ ਤਹਿਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਕੋਵਿਡ -19 ਦੇ ਵੇਰੀਐਂਟ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਲੋੜ ਨਹੀਂ ਹੈ। ਇਹ ਵੇਰੀਐਂਟ ਆਮ ਤੌਰ ‘ਤੇ ਹਲਕਾ ਹੁੰਦਾ ਹੈ ਅਤੇ ਹੁਣ ਤੱਕ ਪੰਜਾਬ ਵਿਚ ਇਸ ਨਾਲ ਜੁੜਿਆ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਲਈ ਪ੍ਰਬੰਧ ਮੁਕੰਮਲ ਹਨ। ਸਰਕਾਰੀ ਹਸਪਤਾਲਾਂ ਵਿਚ ਟੈਸਟਿੰਗ ਦੀ ਸਹੂਲਤ ਉਪਲੱਬਧ ਹੈ ਅਤੇ ਜ਼ਰੂਰੀ ਦਵਾਈਆਂ, ਆਕਸੀਜਨ ਅਤੇ ਵਿਗਿਆਨਕ ਸੂਝ-ਬੂਝ ਨਾਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸਾਰੀਆਂ ਸਿਹਤ ਸੰਸਥਾਵਾਂ ਵਿਚ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਲਗਾਤਾਰ ਟੈਸਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸੰਭਾਵਿਤ ਮਾਮਲੇ ਦੀ ਪਛਾਣ ਕਰਕੇ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ।