ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਥਿਤ ਤੌਰ ’ਤੇ ਥੱਪੜ ਮਾਰੇ ਜਾਣ ਦਾ ਮਾਮਲਾ ਗਰਮਾਇਆ ਹੋਇਆ ਹੈ। ਇਸ ਵਿਚਾਲੇ ਜਿੱਥੇ CISF ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਦੇ ਹੱਕ ’ਚ ਰਾਜਨੀਤਿਕ ਨੇਤਾ ਤੇ ਕਿਸਾਨ ਜੱਥੇਬੰਦੀਆਂ ਵੱਲੋਂ ਸਮਰੱਥਨ ਕੀਤਾ ਜਾ ਰਿਹਾ ਤਾਂ ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਹੁਣ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਕੁਲਵਿੰਦਰ ਦੀ ਨਰਾਜ਼ਗੀ ਕੰਗਨ ਦੇ ਪੁਰਾਣੇ ਬਿਆਨਾਂ ਦੇ ਕਾਰਨ ਸੀ। ਇਸ ਕਰਕੇ ਅਜਿਹਾ ਕਦਮ ਚੁੱਕਿਆ ਗਿਆ। ਪਰ ਉਸਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ। ਇਸ ਦੇ ਨਾਲ ਹੀ ਸੀਐੱਮ ਮਾਨ ਨੇ ਕੰਗਨਾ ਨੂੰ ਵੀ ਨਸੀਹਤ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਕੰਗਨਾ ਨੂੰ ਵੀ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ ਕਿਉਂਕਿ ਉਹ ਹੁਣ ਸੰਸਦ ਮੈਂਬਰ ਬਣ ਗਈ ਹੈ। ਉਸ ਨੇ ਪੂਰੇ ਪੰਜਾਬ ਨੂੰ ਅੱਤਵਾਦੀ ਕਿਹਾ ਹੈ, ਉਹ ਪੂਰੀ ਤਰ੍ਹਾਂ ਗਲਤ ਹੈ। ਪੰਜਾਬ ਦੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹਨ। ਦੇਸ਼ ਦੀ ਆਜ਼ਾਦੀ ਵਿਚ ਵੀ ਪੰਜਾਬ ਦਾ ਯੋਗਦਾਨ ਅਹਿਮ ਹੈ। ਅਸੀਂ ਪੂਰੇ ਦੇਸ਼ ਦਾ ਪੇਟ ਭਰਦੇ ਹਾਂ।
ਦਰਅਸਲ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸੀਐੱਮ ਮਾਨ ਅੱਜ ਪਹਿਲੀ ਵਾਰ ਕਿਸੇ ਜਨਤਕ ਸਥਾਨ ’ਤੇ ਪਹੁੰਚੇ ਜਿੱਥੇ ਉਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ‘ਤੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ।