ਜਲੰਧਰ – ਜਲੰਧਰ ਦੇ ਇਤਿਹਾਸਕ ਬਰਲਟਨ ਪਾਰਕ ਵਿਚ ਬਣਨ ਜਾ ਰਹੇ ਸਪੋਰਟਸ ਹੱਬ ਦਾ ਰਸਮੀ ਉਦਘਾਟਨ 11 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਉਸ ਦਿਨ ਕਬੀਰ ਜੈਅੰਤੀ ਸਬੰਧੀ ਜਲੰਧਰ ਵਿਚ ਸੂਬਾ ਪੱਧਰੀ ਪ੍ਰੋਗਰਾਮ ਵੀ ਹੋਣਾ ਹੈ। ਇਸ ਵਿਚ ਮੁੱਖ ਮੰਤਰੀ ਦੀ ਹਾਜ਼ਰੀ ਤੈਅ ਮੰਨੀ ਜਾ ਰਹੀ ਹੈ। ਅਜਿਹੇ ਵਿਚ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਉਹ ਉਸੇ ਦਿਨ ਬਰਲਟਨ ਪਾਰਕ ਸਪੋਰਟਸ ਹੱਬ ਦਾ ਵੀ ਉਦਘਾਟਨ ਕਰਨਗੇ।
ਖਾਸ ਗੱਲ ਇਹ ਹੈ ਕਿ ਇਹ ਪ੍ਰਾਜੈਕਟ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ, ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਅਤੇ ਜਲੰਧਰ ਦੇ ਮੇਅਰ ਵਨੀਤ ਧੀਰ ਦੇ ਸਾਂਝੇ ਯਤਨਾਂ ਨਾਲ ਸਾਕਾਰ ਰੂਪ ਲੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਸਾਲ ਪਹਿਲਾਂ ਅਲਾਟ ਕੀਤੇ ਗਏ ਠੇਕੇ ’ਤੇ ਹੀ ਸਬੰਧਤ ਠੇਕੇਦਾਰ ਨੇ ਦੁਬਾਰਾ ਕੰਮ ਸ਼ੁਰੂ ਕਰਨ ’ਤੇ ਸਹਿਮਤੀ ਦੇ ਦਿੱਤੀ ਹੈ।
ਨਗਰ ਨਿਗਮ ਪ੍ਰਸ਼ਾਸਨ ਨੇ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ ਅਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ।