ਮਾਲੇਰਕੋਟਲਾ – ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਸ਼ਿਆਂ ਦੀ ਗ੍ਰਿਫਤ ’ਚ ਫਸੇ ਵਿਅਕਤੀਆਂ ਦਾ ਇਲਾਜ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਮਾਲੇਰਕੋਟਲਾ ਦੇ ਸਰਕਾਰੀ ਹਸਪਤਾਲ ਵਿਖੇ 30 ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜਾਇਜ਼ਾ ਲੈਣ, ਕੋਵਿਡ, ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਲਬੀਰ ਸਿੰਘ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ’ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ’ਚ ਬਖਸ਼ਿਆ ਨਹੀਂ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾਵੇਗਾ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ’ਚ ਨਾ ਫਸਾ ਸਕੇ।