ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ।
ਇਥੇ ਕਿਸਾਨ ਭਵਨ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਸੈਂਟਰਾਂ, ‘ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ’, ਮਿਸ਼ਨ ਵਾਤਸਲੱਯਾ ਤਹਿਤ ਚੱਲ ਰਹੀ ਬਾਲ ਭਿੱਖਿਆ ਮੁਕਤੀ ਮੁਹਿੰਮ, ਪੋਸ਼ਣ ਟ੍ਰੈਕਰ ਕੰਮ, ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ ਸਕੀਮ, ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਅਤੇ ਮਗਨਰੇਗਾ ਹੇਠ ਆਂਗਨਵਾੜੀ ਬਿਲਡਿੰਗਾਂ ਦੀ ਉਸਾਰੀ ਸੰਬੰਧੀ, ਟਾਇਲਟਾਂ ਦੀ ਉਸਾਰੀ ਸਬੰਧੀ ਵੱਖ-ਵੱਖ ਮੁੱਦਿਆਂ ਉੱਤੇ ਵਿਸਥਾਰਪੂਰਵਕ ਵਿਚਾਰ- ਚਰਚਾ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਰਹਿੰਦੇ ਆਂਗਨਵਾੜੀ ਸੈਂਟਰਾਂ ਅਤੇ ਟਾਇਲਟਾਂ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।