ਅੰਮ੍ਰਿਤਸਰ -ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ੁੱਕਰਵਾਰ ਗਿਆਨੀ ਗੁਰਮੁੱਖ ਸਿੰਘ ਨੂੰ ਇਹ ਸੇਵਾਵਾਂ ਬਖਸ਼ੀਆਂ ਗਈਆਂ।
ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਬਾਕੀ ਜਥੇਦਾਰਾਂ ਵੱਲੋਂ ਗਿਆਨੀ ਗੁਰਮੁੱਖ ਸਿੰਘ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਪੂਰਾ ਕਰਨ ਉਪਰੰਤ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੂੰ ਇਹ ਸੇਵਾਵਾਂ ਮੁੜ ਤੋਂ ਦਿੱਤੀਆਂ ਗਈਆਂ ਹਨ।
ਇਸੇ ਦਿਨ ਹੀ ਰਣਜੀਤ ਸਿੰਘ ਢੱਡਰੀਆਂ ਵਾਲੇ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਸਨ। ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਦੇ ਸਬੰਧ ’ਚ ਗਿਆਨੀ ਗੁਰਮੁੱਖ ਸਿੰਘ ਦੀ ਭੂਮਿਕਾ ਪਾਈ ਗਈ ਸੀ, ਉਸ ਸਮੇਂ ਗਿਆਨੀ ਗੁਰਮੁੱਖ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਨ, ਜਿਸ ਕਾਰਨ ਉਨ੍ਹਾਂ ਨੂੰ ਲੰਬਾ ਸਮਾਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਹੈੱਡ ਗ੍ਰੰਥੀ ਦੀ ਸੇਵਾ ਤੋਂ ਹਟਾਇਆ ਗਿਆ ਸੀ ਪਰ ਉਨ੍ਹਾਂ ਵੱਲੋਂ ਆਪਣੀ ਧਾਰਮਿਕ ਸੇਵਾ ਪੂਰੀ ਕਰਨ ਉਪਰੰਤ ਇਹ ਸੇਵਾ ਮੁੜ ਤੋਂ ਸੰਭਾਲੀ ਗਈ ਹੈ।