ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਅੱਜ ਵਿਜੀਲੈਂਸ ਵੱਲੋਂ ਵੱਡੀ ਰੇਡ ਕੀਤੀ ਗਈ, ਜਿਸ ਤੋਂ ਬਾਅਦ ਵਿਜੀਲੈਂਸ ਵੱਲੋਂ ਮਜੀਠੀਆ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਮਗਰੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਵਿਚ ਨਸ਼ੇ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਵੱਲ ਧੱਕਣ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀਆਂ ਦੀ ਗੱਡੀ ਵਿੱਚ ਨਸ਼ੇ ਦੀ ਤਸਕਰੀ ਹੁੰਦੀ ਸੀ। ਹੁਣ ਉਕਤ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਚਾਹੇ ਉਹ ਕਿਸੇ ਵੀ ਪਾਰਟੀ ਦਾ ਹੋਵੇ ਜਾਂ ਕੋਈ ਵੀ ਵੱਡਾ ਨੇਤਾ ਹੋਵੇ। ਨਸ਼ੇ ਨੂੰ ਲੈ ਕੇ ਸਾਰਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਸਾਬਕਾ ਮੰਤਰੀ ਅੰਤਰਰਾਸ਼ਟਰੀ ਤਸਕਰਾਂ ਨੂੰ ਆਪਣੇ ਘਰਾਂ ਵਿੱਚ ਰੱਖਦੇ ਸਨ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਮੇਂ ਨਸ਼ੇ ਦੀ ਤਸਕਰੀ ਕਰਨ ਵਾਲਾ ਦੋਸ਼ੀ ਕਿੰਨਾ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਵੇ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਹੀ ਨਹੀਂ ਸਗੋਂ ਦਿੱਲੀ, ਹਰਿਆਣਾ ਕਈ ਥਾਵਾਂ ‘ਤੇ ਨਸ਼ੇ ਦੀ ਤਸਕਰੀ ਹੋ ਰਹੀ ਹੈ।