ਅੰਮ੍ਰਿਤਸਰ- ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਗ੍ਰਾਮੀਣ ਬੈਂਕ ਦੇ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਅਦਾਲਤ ਨੇ ਨਿਆਇਕ ਹਿਰਾਸਤ ’ਚ ਜੇਲ੍ਹ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਹਾਲ ਹੀ ’ਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50,000 ਰੁਪਏ ਲੈਣ ਤੋਂ ਬਾਅਦ ਵਿਜੀਲੈਂਸ ਨੇ ਉਸ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਅਤੇ ਭ੍ਰਿਸ਼ਟਾਚਾਰ ਐਕਟ ਤਹਿਤ ਕੇਸ ਦਰਜ ਕੀਤਾ। ਇਹ ਕਾਰਵਾਈ ਅੰਮ੍ਰਿਤਸਰ ਛੇਹਰਟਾ ਦੇ ਇਕ ਵਾਸੀ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੀਤੀ ਗਈ ਸੀ।
ਦੱਸਣਯੋਗ ਹੈ ਕਿ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਜਦੋਂ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪਿਪਲਾਨੀ ਨੂੰ ਅਦਾਲਤ ’ਚ ਪੇਸ਼ ਕੀਤਾ ਤਾਂ ਮਾਣਯੋਗ ਜੱਜ ਨੇ ਉਸ ਨੂੰ ਹੋਰ ਰਿਮਾਂਡ ਨਹੀਂ ਦਿੱਤਾ ਅਤੇ ਉਸ ਨੂੰ ਨਿਆਇਕ ਹਿਰਾਸਤ ’ਚ ਜੇਲ੍ਹ ਭੇਜਣ ਦੇ ਹੁਕਮ ਦਿੱਤੇ। ਦੂਜੇ ਪਾਸੇ ਵਿਜੀਲੈਂਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ’ਚ ਵਿਜੀਲੈਂਸ ਪੂਰੇ ਨੈਕਸਸ ਦਾ ਪਰਦਾਫਾਸ਼ ਕਰੇਗੀ ਕਿ ਇਹ ਕੰਮ ਕਿੰਨੇ ਸਮੇਂ ਤੋਂ ਚੱਲ ਰਿਹਾ ਹੈ ਜਾਂ ਇਸ ਮਾਮਲੇ ’ਚ ਹੋਰ ਕੌਣ ਸ਼ਾਮਲ ਹੈ?