Sunday, July 20, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjab ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ

 ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ

 

ਚੰਡੀਗੜ੍ਹ, 27 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ।

ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਰੱਖੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਖ਼ੇਤਰ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕ੍ਰਾਂਤੀਕਾਰੀ ਕਦਮਾਂ ਨਾਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ, ਜਿਸ ਕਾਰਨ ਇਨ੍ਹੀਂ ਦਿਨੀਂ ਵਿਦਿਆਰਥੀ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 509 ਵਿਦਿਆਰਥੀਆਂ ਨੇ ਨੀਟ ਦੀ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਸਨਅਤ, ਖੇਡਾਂ ਤੇ ਨੌਕਰੀਆਂ ਦੇ ਨਾਲ-ਨਾਲ ਨਸ਼ਿਆਂ ਦਾ ਖ਼ਾਤਮਾ ਸੂਬਾ ਸਰਕਾਰ ਦੇ ਤਰਜੀਹੀ ਖ਼ੇਤਰਾਂ ਵਿੱਚੋਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਦਫ਼ਾ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਵਿਆਪਕ ਲੋਕ ਲਹਿਰ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਦੀ ਜੜ੍ਹ ਵੱਢਣ ਲਈ ਹਰ ਹਰਬਾ ਵਰਤੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਸੂਬਾ ਸਰਕਾਰ ਵੱਲੋਂ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ ਤੇ ਘਾਲਣਾ ਨਾਲ ਇਸ ਅਹਿਮ ਪ੍ਰੀਖਿਆ ਨੂੰ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਹੁਣ ਪੂਰੇ ਸਮਾਜ ਲਈ ਆਦਰਸ਼ ਬਣਨਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ 70 ਸਾਲਾਂ ਤੋਂ ਫੈਲਾਈ ਬਦਅਮਨੀ ਨੂੰ ਦਰੁਸਤ ਕਰਨ ਲਈ ਸਰਕਾਰ ਨੇ ਆਪਣਾ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਤੋਂ ਕੰਮ ਸ਼ੁਰੂ ਕੀਤਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਦਾਸੀਨ ਰਵੱਈਏ ਕਾਰਨ ਸਾਡੇ ਨੌਜਵਾਨ ਸਰਕਾਰੀ ਨੌਕਰੀਆਂ ਲਈ ਉਮਰ ਹੱਦ ਟੱਪ ਗਏ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਰਾਹੀਂ ਮਾਪਿਆਂ ਦੇ ਸੁਪਨੇ ਸਾਕਾਰ ਹੋ ਰਹੇ ਹਨ, ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਰਹੇ ਹਨ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਸਹੀ ਮੌਕੇ ਮੁਹੱਈਆ ਨਹੀਂ ਕੀਤੇ, ਜਿਸ ਕਾਰਨ ਜ਼ਿਆਦਾਤਰ ਨੌਜਵਾਨ ਸਰਕਾਰੀ ਨੌਕਰੀਆਂ ਲਈ ਉਮਰ ਹੱਦ ਟੱਪ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਬਦਕਿਸਮਤੀ ਦੀ ਗੱਲ ਹੈ ਕਿ ਸਿਆਸੀ ਆਗੂਆਂ ਦੇ ਚੋਣਾਂ ਲੜਨ ਲਈ ਉਮਰ ਦੀ ਕੋਈ ਹੱਦ ਨਹੀਂ, ਸਗੋਂ ਸਰਕਾਰੀ ਨੌਕਰੀਆਂ ਲੈਣ ਲਈ ਉਮਰ ਹੱਦ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ, ਜਿੱਥੇ ਅੱਜ ਦਾ ਸਮਾਗਮ ਹੋ ਰਿਹਾ ਹੈ, ਉਹ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦਾ ਗਵਾਹ ਹੈ, ਜਿਸ ਕਾਰਨ ਇਸ ਭਵਨ ਦਾ ਨਾਮ ਹੀ ‘ਨਿਯੁਕਤੀ ਪੱਤਰ ਭਵਨ’ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਰਕਾਰ ਨੇ 54 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ਉੱਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਚੰਗਾ ਸ਼ਗਨ ਹੈ ਕਿ ਪੰਜਾਬ ਹੁਣ ਪਰਵਾਸ ਨੂੰ ਪੁੱਠੇ ਗੇੜ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬੇ ਵਿੱਚ ਸਰਕਾਰੀ ਨੌਕਰੀਆਂ ਮਿਲਣ ਕਾਰਨ ਹੁਣ ਨੌਜਵਾਨ ਵਿਦੇਸ਼ੀ ਧਰਤੀ ਤੋਂ ਵਾਪਸ ਆਉਣ ਲੱਗੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਆਧਾਰ ਉੱਤੇ ਹੋਈ ਹੈ ਅਤੇ ਇਸ ਲਈ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦਾ ਸੂਬਾ ਸਰਕਾਰ ਲਈ ਕੰਮ ਕਰਨ ਵਾਸਤੇ ਵਿਸ਼ਵਾਸ ਵਧਿਆ ਹੈ, ਜਿਸ ਕਾਰਨ ਉਹ ਵਿਦੇਸ਼ ਜਾਣ ਦਾ ਵਿਚਾਰ ਤਿਆਗ ਕੇ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਿਹਨਤੀ ਅਤੇ ਸੰਘਰਸ਼ੀ ਪੰਜਾਬੀ ਜੀਵਨ ਦੇ ਹਰੇਕ ਪੜਾਅ ਉੱਤੇ ਮੋਹਰੀ ਰਹੇ ਹਨ ਅਤੇ ਸੂਬੇ ਕੋਲ ਜਰਖੇਜ਼ ਜ਼ਮੀਨ ਤੇ ਸਾਹਸੀ ਲੋਕਾਂ ਦਾ ਸਰਮਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਬਹੁਤ ਸਾਰੇ ਹੁਸ਼ਿਆਰ ਨੌਜਵਾਨ ਦੇਸ਼ ਛੱਡ ਕੇ ਵਿਦੇਸ਼ਾਂ ਦੀ ਧਰਤੀ ਉੱਤੇ ਜਾ ਵਸੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਦੋਂ ਤੋਂ ਹਾਲਾਤ ਸੁਧਾਰਨ ਦੀ ਸ਼ੁਰੂਆਤ ਕੀਤੀ ਹੈ, ਉਦੋਂ ਤੋਂ ਵੱਡੀ ਗਿਣਤੀ ਵਿਦਿਆਰਥੀ ਸਰਕਾਰੀ ਨੌਕਰੀਆਂ ਵਿੱਚ ਸ਼ਾਮਲ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣਾਉਣ ਲਈ ਨੌਜਵਾਨਾਂ ਦਾ ਸਰਗਰਮ ਸਹਿਯੋਗ ਤੇ ਤਾਲਮੇਲ ਬਹੁਤ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਕ ਮਿਸਾਲੀ ਤਬਦੀਲੀ ਤਹਿਤ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਕਰਵਾਈ ਗਈ। ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਅਜਿਹੀਆਂ ਮਿਲਣੀਆਂ ਹੁੰਦੀਆਂ ਸਨ ਅਤੇ ਸਰਕਾਰੀ ਸਕੂਲ ਇਨ੍ਹਾਂ ਤੋਂ ਵਾਂਝੇ ਸਨ। ਉਨ੍ਹਾਂ ਕਿਹਾ ਕਿ ਇਹ ਬਿਹਤਰੀਨ ਜੁਗਤ ਹੈ, ਜਿਸ ਰਾਹੀਂ ਮਾਪਿਆਂ ਤੇ ਅਧਿਆਪਕਾਂ ਵਿਚਾਲੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਬਿਹਤਰ ਤਾਲਮੇਲ ਪੈਦਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਨੂੰ ਹੋਰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਹੋਰ ਅਹਿਮ ਪਹਿਲਕਦਮੀ ਤਹਿਤ ਜਨਤਕ ਲਾਇਬ੍ਰੇਰੀਆਂ ਬਣਾਉਣ ਦੀ ਸ਼ੁਰੂਆਤ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਵਿਚਾਲੇ ਪੜ੍ਹਨ ਦੀ ਰੁਚੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੂੰ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲਾਗ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਦੀਆਂ ਵਿਸ਼ਵ ਪੱਧਰੀ ਪੁਸਤਕਾਂ ਦੇ ਨਾਲ-ਨਾਲ ਪਾਠਕ੍ਰਮ ਦੀਆਂ ਪੁਸਤਕਾਂ ਵੀ ਉਪਲਬਧ ਹਨ, ਜੋ ਵਿਦਿਆਰਥੀਆਂ ਦੇ ਸਿੱਖਣ ਤਜਰਬਿਆਂ ਨੂੰ ਹੋਰ ਵਧੀਆ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਬੇਸ਼ਕੀਮਤੀ ਕਿਤਾਬਾਂ ਦਾ ਖ਼ਜ਼ਾਨਾ ਪਿਆ ਹੈ, ਜੋ ਪੁਸਤਕ ਪ੍ਰੇਮੀਆਂ ਨੂੰ ਆਪਣੇ ਵੱਲ ਖਿੱਚਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਨੂੰ ਤਰਜੀਹੀ ਖ਼ੇਤਰ ਬਣਾਇਆ ਹੈ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਬਦਲਣ ਲਈ ਸਿੱਖਿਆ ਖ਼ੇਤਰ ਵਿੱਚ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗਰੀਬੀ ਜਾਂ ਹੋਰ ਕਿਸੇ ਵੀ ਸਮਾਜਿਕ ਬੁਰਾਈ ਦਾ ਖ਼ਾਤਮਾ ਰਿਆਇਤਾਂ ਜਾਂ ਮੁਫ਼ਤ ਚੀਜ਼ਾਂ ਨਾਲ ਨਹੀਂ, ਸਗੋਂ ਸਿੱਖਿਆ ਰਾਹੀਂ ਹੋ ਸਕਦਾ ਹੈ। ਸਿੱਖਿਆ ਹੀ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰ ਕੇ ਉਨ੍ਹਾਂ ਨੂੰ ਦਲਦਲ ਵਿੱਚੋਂ ਕੱਢ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ ਸੂਬਾ ਸਰਕਾਰ ਆਮ ਆਦਮੀ ਨੂੰ ਸਸ਼ਕਤ ਬਣਾਉਣ ਲਈ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਅੱਜ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਹੀਆਂ ਹਨ ਅਤੇ ਉਨ੍ਹਾਂ ਲੜਕਿਆਂ ਨੂੰ ਜ਼ਿਆਦਾਤਰ ਖ਼ੇਤਰਾਂ ਵਿੱਚ ਪਛਾੜਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਉੱਤੇ ਧਿਆਨ ਕੇਂਦਰਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੱਤ ਮਹਿਲਾ ਅਫ਼ਸਰਾਂ ਨੂੰ ਡਿਪਟੀ ਕਮਿਸ਼ਨਰ ਅਤੇ ਅੱਠ ਮਹਿਲਾ ਅਫ਼ਸਰਾਂ ਨੂੰ ਐਸ.ਐਸ.ਪੀ. ਨਿਯੁਕਤ ਕੀਤਾ ਹੈ।

ਇਸ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰ ਵੀ ਹਾਜ਼ਰ ਸਨ।