ਲੁਧਿਆਣਾ/ਚੰਡੀਗੜ੍ਹ : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚੋਂ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਸਹੁੰ ਚੁੱਕ ਲਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਆਗੂ ਵੀ ਮੌਜੂਦ ਰਹੇ।
ਦੱਸ ਦਈਏ ਕਿ ਸੰਜੀਵ ਅਰੋੜਾ ਨੂੰ ਜਲਦੀ ਹੀ ਮੰਤਰੀ ਮੰਡਲ ਵਿਚ ਵੀ ਜਗ੍ਹਾ ਮਿਲ ਸਕਦੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚੋਣ ਪ੍ਰਚਾਰ ਵੇਲੇ ਹੀ ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਦਾ ਐਲਾਨ ਕਰ ਦਿੱਤਾ ਸੀ। ਚੋਣ ਨਤੀਜਿਆਂ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਅਰੋੜਾ ਨੂੰ 4-5 ਦਿਨਾਂ ਵਿਚ ਹੀ ਮੰਤਰੀ ਬਣਾਏ ਜਾਣ ਦੀ ਗੱਲ ਕਹੀ ਸੀ। ਸਹੁੰ ਚੁੱਕਣ ਤੋਂ ਇਕ ਦਿਨ ਪਹਿਲਾਂ ਵੀ ਸੰਜੀਵ ਅਰੋੜਾ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਵੀ ਕੀਤੀ ਗਈ, ਜਿਸ ਦੀ ਤਸਵੀਰ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਵੀ ਸਾਂਝੀ ਕੀਤੀ ਸੀ।

