ਚੰਡੀਗੜ੍ਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਤੇ ਰਿਮਾਂਡ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਅੱਜ ਹੋਵੇਗੀ। ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਹੈ। ਮਾਮਲੇ ’ਚ ਜਾਰੀ ਨਵੇਂ ਰਿਮਾਂਡ ਆਰਡਰ ਨੂੰ ਜਸਟਿਸ ਤ੍ਰਿਭੂਵਨ ਦਹੀਆ ਦੀ ਬੈਂਚ ਸਾਹਮਣੇ ਪੇਸ਼ ਕਰਨ ਲਈ ਉਨ੍ਹਾਂ ਦੇ ਵਕੀਲ ਨੂੰ ਸਮਾਂ ਦੇਣ ਲਈ ਸੁਣਵਾਈ ਇਕ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਮਜੀਠੀਆ ਨੇ ਸ਼ੁਰੂਆਤੀ ਰਿਮਾਂਡ ਆਦੇਸ਼ਾਂ ਨੂੰ ਗ਼ੈਰ-ਕਾਨੂੰਨੀ ਦੱਸਦਿਆਂ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ। ਬੁੱਧਵਾਰ ਨੂੰ ਉਨ੍ਹਾਂ ਦਾ ਰਿਮਾਂਡ 4 ਦਿਨਾਂ ਲਈ ਵਧਾ ਦਿੱਤਾ ਗਿਆ।
ਮਜੀਠੀਆ ਨੇ ਆਪਣੀ ਪਟੀਸ਼ਨ ’ਚ ਕਿਹਾ ਕਿ ਐੱਫ.ਆਈ.ਆਰ. ਸਿਆਸੀ ਬਦਲਾਖੋਰੀ ਅਤੇ ਬਦਲੇ ਦੀ ਭਾਵਨਾ ਦਾ ਨਤੀਜਾ ਹੈ, ਜਿਸ ਦਾ ਇੱਕੋ- ਇੱਕ ਮਕਸਦ ਉਨ੍ਹਾਂ ਨੂੰ ਬਦਨਾਮ ਤੇ ਪ੍ਰੇਸ਼ਾਨ ਕਰਨਾ ਹੈ ਕਿਉਂਕਿ ਉਹ ਸਰਕਾਰ ਦੀ ਖੁੱਲ੍ਹ ਕੇ ਅਲੋਚਨਾ ਕਰਦੇ ਰਹੇ ਹਨ। ਇਹ ਪਟੀਸ਼ਨ ਸਰਤੇਜ ਸਿੰਘ ਨਰੂਲਾ, ਦਮਨਬੀਰ ਸਿੰਘ ਸੋਬਤੀ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਦਾਇਰ ਕੀਤੀ ਗਈ ਸੀ।