ਕੁਵੈਤ ’ਚ ਬਹੁ-ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਦੀ ਮੰਦਭਾਗੀ ਘਟਨਾ ਨੂੰ ਲੈ ਕੇ ਜਿੱਥੇ ਸਾਰੇ ਰਾਜਨੀਤਿਕ ਆਗੂਆਂ ਅਤੇ ਹੋਰ ਜੱਥੇਬੰਦੀਆਂ ਵੱਲੋਂ ਘਟਨਾ ਦੀ ਨਿਖੇਧੀ ਕੀਤੀ ਜਾ ਰਹੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਘਟਨਾ ਦੇ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਕੁਵੈਤ ਦੇ ਸ਼ਹਿਰ ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਨੂੰ ਅਚਾਨਕ ਅੱਗ ਲੱਗ ਗਈ। ਇਮਾਰਤ ’ਚ ਰਹਿ ਰਹੇ ਦਰਜ਼ਨਾਂ ਮਜ਼ਦੂਰ ਭਿਆਨਕ ਅੱਗ ਦੀ ਲਪੇਟ ’ਚ ਆ ਗਏ ਜਿਸ ਕਾਰਨ 40 ਭਾਰਤੀਆਂ ਸਣੇ 49 ਵਿਦੇਸ਼ੀ ਕਾਮਿਆਂ ਦੀ ਮੌਤ ਹੋ ਗਈ ਤੇ 50 ਲੋਕ ਜ਼ਖ਼ਮੀ ਹੋ ਗਏ। ਘਟਨਾ ਨੂੰ ਲੈ ਕੇ ਦੱਸਿਆ ਜਾ ਰਿਹਾ ਹੈ ਕਿ ਅੰਦਰ-ਬਾਹਰ ਜਾਣ ਦੇ ਰਸਤੇ ਤੰਗ ਹੋਣ ਕਾਰਨ ਇਮਾਰਤ ’ਚ ਫਸੇ ਲੋਕਾਂ ਲਈ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਤੇ ਉਨ੍ਹਾਂ ਨੂੰ ਇਸਦੀ ਕੀਮਤ ਆਪਣੀ ਜਾਨ ਦੇ ਕੇ ਗੁਵਾਉਣੀ ਪਈ।
ਘਟਨਾ ਦੀ ਨਿਖੇਧੀ ਕਰਦਿਆਂ ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਭਾਰਤੀਆਂ ਦੀ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਗਈਆਂ ਤੇ ਕਈ ਲੋਕ ਜ਼ਖਮੀ ਹੋ ਗਏ। ਸੀਐੱਮ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਰੱਬ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਿਲ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਹੈ। ਉਨ੍ਹਾਂ ਰੱਬ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦੀ ਹਿੰਮਤ ਬਖਸ਼ਣ। ਇਸ ਤੋਂ ਇਲਾਵਾ ਉਨ੍ਹਾਂ ਇਸ ਮੰਦਭਾਗੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਵੀ ਅਰਦਾਸ ਕੀਤੀ।