ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾ ਵੱਧਦੀਆਂ ਜਾ ਰਹੀਆਂ ਹਨ। ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਮਜੀਠੀਆ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਅਦਾਲਤ ਨੇ ਉਨ੍ਹਾਂ ਨੂੰ ਅੱਜ ਦੀ ਸੁਣਵਾਈ ਦੌਰਾਨ ਕੋਈ ਰਾਹਤ ਨਹੀਂ ਦਿੱਤੀ। ਇਸ ਤਰ੍ਹਾਂ ਮਜੀਠੀਆ ਅਜੇ ਜੇਲ੍ਹ ‘ਚ ਹੀ ਰਹਿਣਗੇ।
ਇਸ ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਹੋਣੀ ਤੈਅ ਕੀਤੀ ਗਈ ਹੈ। ਇਸ ਤੋਂ ਪਹਿਲਾਂ 6 ਜੁਲਾਈ ਨੂੰ ਵਿਜੀਲੈਂਸ ਨੇ ਮਜੀਠੀਆ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਸੀ, ਜਿੱਥੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਨਿਊ ਨਾਭਾ ਜੇਲ੍ਹ ਭੇਜ ਦਿੱਤਾ ਗਿਆ ਸੀ।
ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਆਮਦਨ ਤੋਂ ਜਾਇਦਾਦ ਰੱਖਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਆਪਣੀ ਆਮਦਨ 540 ਕਰੋੜ ਰੁਪਏ ਤੋਂ ਵੱਧ ਜਾਇਦਾਦ ਰੱਖਣ ਦਾ ਦੋਸ਼ ਹੈ।