Friday, July 18, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਬਠਿੰਡਾ ਵਿੱਚ ਪਾਕਿਸਤਾਨ ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40...

ਬਠਿੰਡਾ ਵਿੱਚ ਪਾਕਿਸਤਾਨ ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ


ਚੰਡੀਗੜ੍ਹ/ਬਠਿੰਡਾ, 8 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ-ਤਸਕਰੀ ਦੀ ਸਮੱਸਿਆ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਬਠਿੰਡਾ ਪੁਲਿਸ ਨੇ ਛੇ ਮੁੱਖ ਨਸ਼ਾ ਤਸਕਰਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਵਿਦੇਸ਼ੀ ਤਸਕਰਾਂ ਦੁਆਰਾ ਚਲਾਏ ਜਾ ਰਹੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਖਵੀਰ ਸਿੰਘ ਉਰਫ ਲੱਖਾ (33), ਪ੍ਰਭਜੋਤ ਸਿੰਘ (26), ਰਣਜੋਧ ਸਿੰਘ (27), ਆਕਾਸ਼ ਮਰਵਾਹਾ (21), ਰੋਹਿਤ ਕੁਮਾਰ (25) ਅਤੇ ਗੁਰਚਰਨ ਸਿੰਘ ਉਰਫ ਗੁਰੀ (27) ਵਜੋਂ ਹੋਈ ਹੈ, ਜੋ ਸਾਰੇ ਸ੍ਰੀ ਮੁਕਤਸਰ ਸਾਹਿਬ, ਮਲੋਟ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਲਖਵੀਰ ਸਿੰਘ ਅਤੇ ਪ੍ਰਭਜੀਤ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਨ੍ਹਾਂ ਵਿਰੁੱਧ ਕ੍ਰਮਵਾਰ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ।

ਇਹ ਸਫ਼ਲਤਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਸਥਿਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ ਸਥਿਤ ਹੈਂਡਲਰ ਜੋਬਨ ਕਲੇਰ ਦੁਆਰਾ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ ਕਰਨ, ਜਿਸ ਵਿੱਚ ਨੌਂ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਰਾਜਸਥਾਨ ਦੇ ਬਾੜਮੇਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜਿਓਂ 60.302 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਸੀ, ਤੋਂ ਕੁਝ ਦੇਰ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਹੈਂਡਲਰਾਂ ਦੁਆਰਾ ਪੰਜਾਬ ਵਿੱਚ ਅੱਗੇ ਵੰਡਣ ਲਈ ਭੇਜੀ ਗਈ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਰਹੱਦ-ਪਾਰੋਂ ਸੰਪਰਕਾਂ ਦਾ ਪਤਾ ਲਗਾਉਂਦਿਆਂ ਡਰੱਗ ਸਪਲਾਈ ਚੇਨ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕੀਤਾ ਜਾ ਸਕੇ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਇਹ ਕਾਰਵਾਈ ਖਿੱਤੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਠੋਸ ਜਾਣਕਾਰੀ ਮਿਲਣ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈਏ ਸਟਾਫ-1 ਬਠਿੰਡਾ ਦੀ ਟੀਮ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਉਕਤ ਛੇ ਮੁਲਜ਼ਮਾਂ ਨੂੰ ਉਨ੍ਹਾਂ ਦੀ ਫਾਰਚੂਨਰ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ-53ਈ-6771 ਹੈ, ਵਿੱਚੋਂ  40 ਕਿਲੋ ਹੈਰੋਇਨ ਬਰਾਮਦ ਕਰਨ ਉਪਰੰਤ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਨਸ਼ੀਲੇ ਪਦਾਰਥ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਭੇਜੇ ਜਾ ਰਹੇ ਸਨ, ਜਿਨ੍ਹਾਂ ਨੂੰ ਬਾਅਦ ਵਿੱਚ ਸਥਾਨਕ ਤਸਕਰਾਂ ਵੱਲੋਂ ਪੰਜਾਬ ਵਿੱਚ ਅੱਗੇ ਵੰਡਿਆ ਜਾਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।

ਇਸ ਸਬੰਧੀ ਬਠਿੰਡਾ ਦੇ ਥਾਣਾ ਕੋਤਵਾਲੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ ਤਹਿਤ ਐਫਆਈਆਰ ਨੰਬਰ 132 ਦਰਜ ਕੀਤੀ ਗਈ ਹੈ।