Saturday, July 19, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਭਰੋਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀਆਂ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਭਰੋਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲਈ

 

ਚੰਡੀਗੜ੍ਹ, 9 ਜੁਲਾਈ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਅਗਲੇ 15 ਦਿਨਾਂ ਵਿੱਚ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਅਤੇ ਉਨ੍ਹਾਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ ਇੱਕ ਠੋਸ ਰਿਪੋਰਟ ਸੌਂਪਣ। ਇਸ ਨਿਰਦੇਸ਼ ਤੋਂ ਬਾਅਦ ਵਿਭਾਗ ਦੀਆਂ ਹੜਤਾਲ ‘ਤੇ ਗਈਆਂ ਯੂਨੀਅਨਾਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ।

ਵਿੱਤ ਮੰਤਰੀ ਨੇ ਇਹ ਨਿਰਦੇਸ਼ ਪੰਜਾਬ ਭਵਨ ਵਿਖੇ ਯੂਨੀਅਨਾਂ ਨਾਲ ਲਗਭਗ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਜਾਰੀ ਕੀਤੇ। ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਰੁਣ ਰੂਜ਼ਮ, ਡਾਇਰੈਕਟਰ ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਰਾਜੀਵ ਗੁਪਤਾ ਅਤੇ ਮੈਨੇਜਿੰਗ ਡਾਇਰੈਕਟਰ ਪੀਆਰਟੀਸੀ ਬਿਕਰਮਜੀਤ ਸਿੰਘ ਸ਼ੇਰਗਿੱਲ ਵੀ ਸ਼ਾਮਲ ਹੋਏ।

ਵਿੱਤ ਮੰਤਰੀ ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (25/11) ਅਤੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ (1/19) ਵੱਲੋਂ ਮੰਗਾਂ ਅਤੇ ਮੁੱਦੇ ਵਿਸਥਾਰ ਵਿੱਚ ਪੇਸ਼ ਕੀਤੇ ਗਏ। ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਅਤੇ ਮੁੱਦਿਆਂ ‘ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਵਿਭਾਗ ਪੱਧਰੀ ਮੁੱਦਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਅਤੇ ਯੂਨੀਅਨਾਂ ਦੇ ਮੁੱਖ ਮੁੱਦਿਆਂ ਬਾਰੇ ਅਗਲੇ 15 ਦਿਨਾਂ ਵਿੱਚ ਯੂਨੀਅਨ ਆਗੂਆਂ ਨਾਲ ਮੀਟਿੰਗ ਕਰਨ ਅਤੇ ਜਾਇਜ਼ ਮੁੱਦਿਆਂ ਦੇ ਹੱਲ ਲਈ ਉਨ੍ਹਾਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ ਇੱਕ ਠੋਸ ਰਿਪੋਰਟ ਸੌਂਪਣ।

ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਹਾਕਿਆਂ ਤੋਂ ਲਟਕ ਰਹੇ ਮੁਲਾਜ਼ਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਵਿੱਤ ਮੰਤਰੀ ਵੱਲੋਂ ਦਿੱਤੇ ਗਏ ਇਨ੍ਹਾਂ ਨਿਰਦੇਸ਼ਾਂ ਅਤੇ ਭਰੋਸੇ ਦੇ ਮੱਦੇਨਜ਼ਰ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ।

ਮੀਟਿੰਗ ਵਿੱਚ ਦੋਵਾਂ ਯੂਨੀਅਨਾਂ ਦੇ ਨੁਮਾਇੰਦੇ ਸ਼ਾਮਲ ਹੋਏ, ਜਿਨ੍ਹਾਂ ਵਿੱਚ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ (1/19) ਤੋਂ ਸੂਬਾ ਪ੍ਰਧਾਨ ਹਰਮਿੰਦਰ ਸਿੰਘ, ਸੂਬਾ ਜਨਰਲ ਸਕੱਤਰ ਗੁਰਮੁਖ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਬਾਜਵਾ ਅਤੇ ਸਟੇਟ ਕੈਸ਼ੀਅਰ ਜਗਦੀਪ ਸਿੰਘ ਅਤੇ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਸ਼ਮਸ਼ੇਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ, ਬਲਜਿੰਦਰ ਸਿੰਘ ਅਤੇ ਜਗਜੀਤ ਸਿੰਘ, ਮੀਤ ਪ੍ਰਧਾਨ ਹਰਜਿੰਦਰ ਸਿੰਘ, ਸੰਯੁਕਤ ਸਕੱਤਰ ਜਗਤਾਰ ਸਿੰਘ ਅਤੇ ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (25/11) ਤੋਂ ਕੈਸ਼ੀਅਰ ਰਮਨਦੀਪ ਸਿੰਘ ਅਤੇ ਬਲਜੀਤ ਸਿੰਘ ਸ਼ਾਮਲ ਸਨ।