ਚੰਡੀਗੜ੍ਹ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਦੀ ਕੁਦਰਤੀ ਊਰਜਾ ਸਬੰਧੀ ਸਮਰੱਥਾ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਮਾਰਚ 2026 ਤੱਕ ਸੂਬੇ ਭਰ ਵਿਚ 390 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ 30 ਮੈਗਾਵਾਟ ਦੀ ਸੰਯੁਕਤ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। ਅਮਨ ਅਰੋੜਾ ਪੰਜਾਬ ਊਰਜਾ ਵਿਕਾਸ ਅਥਾਰਟੀ (ਪੇਡਾ) ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪੇਡਾ ਦੇ ਚੇਅਰਪਰਸਨ ਡਾ. ਸੁਖਚੈਨ ਗੋਗੀ ਅਤੇ ਪ੍ਰਮੁੱਖ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਅਜੋਏ ਕੁਮਾਰ ਸਿਨਹਾ ਵੀ ਮੌਜੂਦ ਸਨ।
ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ 150 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਬਿਜਲੀ ਖਰਚ ਵਿਚ ਸਾਲਾਨਾ 15 ਕਰੋੜ ਰੁਪਏ ਦੀ ਬੱਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ, ਜਿਸ ਨਾਲ ਇਸ ਵੱਕਾਰੀ ਪ੍ਰਾਜੈਕਟ ਨੂੰ ਲਾਗੂ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।