ਚੰਡੀਗੜ੍ਹ- ਪੰਜਾਬ ‘ਚ ਅੱਜ ਦੋ ਨਵੀਆਂ ਯੂਨੀਵਰਸਿਟੀਆਂ ਨੂੰ ਮਨਜ਼ੂਰੀ ਮਿਲ ਗਈ ਹੈ। ਵਿਧਾਨ ਸਭਾ ‘ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੋ ਨਵੀਆਂ ਯੂਨੀਵਰਸਿਟੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਦੋ ਨਵੀਆਂ ਯੂਨੀਵਰਸਿਟੀਆਂ ਖੁੱਲ੍ਹਣਗੀਆਂ ਤਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਬਿਜ਼ਨਸ ਕਰਨ ਦੇ ਵੀ ਨਵੇਂ ਮੌਕੇ ਮਿਲਣਗੇ । ਇਸ ਦੌਰਾਨ ਉਨ੍ਹਾਂ ਕਿਹਾ ਸਾਡੀ ਸਰਕਾਰ ਦਾ ਮੁੱਖ ਏਜੰਡਾ ਹੀ ਸਿੱਖਿਆ ਹੈ। 2022 ‘ਚ ਪਹਿਲੀ ਵਾਰ ਹੋਇਆ ਸੀ ਕਿ ਕਿਸੇ ਸਰਕਾਰ ਨੇ ਸਿੱਖਿਆ ਦੇ ਏਜੰਡੇ ‘ਤੇ ਵੋਟਾਂ ਮੰਗੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੋਕਾਂ ਦੇ ਘਰ-ਘਰ ਜਾ ਕੇ ਲੋਕਾਂ ਨੂੰ ਸਿੱਖਿਆ ਬਾਰੇ ਜਾਣੂ ਕਰਵਾਇਆ ਹੈ।
ਸਿੱਖਿਆ ਮੰਤਰੀ ਨੇ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਅਜਨਾਲਾ, ਬਰਨਾਲਾ ਅਤੇ ਕੀਰਤਪੁਰ ਸਾਹਿਬ ਸਮੇਤ ਕਈ ਇਲਾਕਿਆਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦੇਸ਼ਾਂ ਤੋਂ ਵੀ ਵਿਦਿਆਰਥੀ ਪੜ੍ਹਾਈ ਲਈ ਪੰਜਾਬ ਆ ਰਹੇ ਹਨ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਬਿਹਤਰ ਮੌਕੇ ਮਿਲ ਸਕਣ।