Friday, July 18, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ...

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਚੰਡੀਗੜ੍ਹ, 12 ਜੁਲਾਈ:

ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸੁਨਾਮ ਵਿਖੇ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚ ਕੇ ਇਸ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦਾ ਨਿੱਘਾ ਸੱਦਾ ਦਿੱਤਾ।

ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ  ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਲਈ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਵਫ਼ਦ ਵਿੱਚ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਫੌਜਾ ਸਿੰਘ ਸਰਾਰੀ, ਰਜਨੀਸ਼ ਦਹੀਆ, ਗੁਰਲਾਲ ਘਨੌਰ, ਜਗਦੀਪ ਗੋਲਡੀ ਕੰਬੋਜ, ਮੁਹੰਮਦ ਜਮੀਲ ਉਰ ਰਹਿਮਾਨ, ਰਜਿੰਦਰਪਾਲ ਕੌਰ ਛੀਨਾ, ਨੀਨਾ ਮਿੱਤਲ, ਨਰੇਸ਼ ਕਟਾਰੀਆ, ਨਰਿੰਦਰ ਕੌਰ ਭਰਾਜ ਅਤੇ ਚੇਤਨ ਸਿੰਘ ਜੌੜਮਾਜਰਾ ਅਤੇ ਪੰਜਾਬ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਸ਼ਾਮਲ ਸਨ।

ਸ੍ਰੀ ਅਮਨ ਅਰੋੜਾ ਨੇ ‘ਆਪ’ ਦੇ ਕੌਮੀ ਕਨਵੀਨਰ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਇੱਕ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਮਹਾਨ ਇਨਕਲਾਬੀ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ,  ਜਿਨ੍ਹਾਂ ਨੂੰ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦਾ ਬਦਲਾ ਲੈਣ ਲਈ ਲੰਡਨ ਵਿੱਚ ਜਾ ਕੇ ਮਾਈਕਲ ਓ’ਡਵਾਇਰ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਇੱਕ ਮਹਾਨ ਯੋਧੇ ਵਜੋਂ ਜਾਣਿਆ ਜਾਂਦਾ ਹੈ, ਦੇ ਸ਼ਹੀਦੀ ਦਿਵਸ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ।

ਸ੍ਰੀ ਅਰਵਿੰਦ ਕੇਜਰੀਵਾਲ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸਿਜਦਾ ਕਰਨ ਲਈ ਜ਼ਰੂਰ ਆਉਣਗੇ।

ਸ੍ਰੀ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਸੱਦਾ ਸਵੀਕਾਰਨ ਲਈ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਵਜੋਂ ਸ਼ਹੀਦ ਊਧਮ ਸਿੰਘ ਦੀ ਤਸਵੀਰ ਭੇਟ ਕੀਤੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

——–