ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਜੇਲ੍ਹ ਵਿਚਲੀ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ‘ਚ ਹੋਈ। ਅਦਾਲਤ ਵਿੱਚ ਸਰਕਾਰੀ ਧਿਰ ਵੱਲੋਂ ਬਿਕਰਮ ਸਿੰਘ ਮਜੀਠੀਆ ਵੱਲੋਂ ਜੇਲ੍ਹ ਵਿਚਲੀ ਬੈਰਕ ਬਦਲਣ ਸਬੰਧੀ ਲਗਾਈ ਗਈ ਅਰਜ਼ੀ ‘ਤੇ ਜਵਾਬ ਦਾਖ਼ਲ ਨਾ ਕਰਨ ਕਾਰਨ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਤੈਅ ਕੀਤੀ ਹੈ।
ਦੱਸਣਯੋਗ ਹੈ ਕਿ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਨੇ ਆਪਣੀ ਪਟੀਸ਼ਨ ‘ਚ ਦਾਅਵਾ ਕੀਤਾ ਹੈ ਕਿ ਉਹ ਸਾਬਕਾ ਕੈਬਨਿਟ ਮੰਤਰੀ ਰਹਿ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ ਆਰੈਂਜ ਸ਼੍ਰੇਣੀ ‘ਚ ਰੱਖਿਆ ਜਾਵੇ।
ਉਨ੍ਹਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਸਜ਼ਾਯਾਫ਼ਤਾ ਅਤੇ ਅੰਡਰ ਟ੍ਰਾਇਲ ਕੈਦੀਆਂ ਤੋਂ ਵੱਖ ਬੈਰਕ ‘ਚ ਰੱਖਿਆ ਜਾਵੇ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਬਣੀ ਰਹੇ।