ਨਵੀਂ ਦਿੱਲੀ : ਸੰਸਦ ਦੇ ਮਾਨਸੂਨ ਸੈਸ਼ਨ ਦੀ ਕਾਰਵਾਈ ਅੱਜ ਸ਼ੁਰੂ ਹੋ ਗਈ, ਜੋ ਅਗਲੇ ਮਹੀਨੇ ਤੱਕ ਜਾਰੀ ਰਹੇਗੀ। ਸੰਸਦ ਦੇ ਦੋਵਾਂ ਸਦਨਾਂ ਵਿੱਚ ਅੱਜ ਦੀ ਕਾਰਵਾਈ ਹੰਗਾਮੇ ਨਾਲ ਸ਼ੁਰੂ ਹੋਈ ਅਤੇ ਹੰਗਾਮੇ ਨਾਲ ਹੀ ਖ਼ਤਮ ਹੋਈ। ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਨੇ ਪਹਿਲਗਾਮ ਅੱਤਵਾਦੀ ਹਮਲੇ, ਆਪ੍ਰੇਸ਼ਨ ਸਿੰਦੂਰ ਅਤੇ ਬਿਹਾਰ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ ਦੇ ਮੁੱਦਿਆਂ ‘ਤੇ ਚਰਚਾ ਕਰਨ ਦੀ ਮੰਗ ਕਰਦੇ ਹੋਏ ਦੋਵਾਂ ਸਦਨਾਂ ਵਿੱਚ ਹੰਗਾਮਾ ਕੀਤਾ, ਜਿਸ ਕਾਰਨ ਕਾਰਵਾਈ ਵਾਰ-ਵਾਰ ਮੁਲਤਵੀ ਕਰਨੀ ਪਈ। ਇਸ ਦੇ ਤਹਿਤ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਭਲਕੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਕਾਰਵਾਈ 22 ਜੁਲਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ।
ਦੂਜੇ ਪਾਸ ਰਾਜ ਸਭਾ ਦੀ ਕਾਰਵਾਈ ਵੀ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਕਾਰਵਾਈ ਮੁਲਤਵੀ ਹੋਣ ਤੋਂ ਪਹਿਲਾਂ ਰਾਜ ਸਭਾ ਵੱਲੋਂ ਲੈਂਡਿੰਗ ਬਿੱਲ 2025 ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ ਚੇਅਰਮੈਨ ਜਗਦੀਪ ਧਨਖੜ ਨੇ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਨੂੰ ਹਟਾਉਣ ਦੇ ਪ੍ਰਸਤਾਵ ਸੰਬੰਧੀ ਨੋਟਿਸ ਪ੍ਰਾਪਤ ਹੋਣ ਬਾਰੇ ਜਾਣਕਾਰੀ ਦਿੱਤੀ। ਸਪੀਕਰ ਓਮ ਬਿਰਲਾ ਦੇ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਵਿਰੋਧੀ ਪਾਰਟੀਆਂ ਦੇ ਮੈਂਬਰ ਸਦਨ ਦੇ ਵਿਚਕਾਰ ਆ ਗਏ ਅਤੇ ਹੰਗਾਮਾ ਜਾਰੀ ਰੱਖਿਆ। ਜਦੋਂ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਸ਼ੁਰੂ ਹੋਈ, ਤਾਂ ਪ੍ਰੀਜ਼ਾਈਡਿੰਗ ਅਫ਼ਸਰ ਜਗਦੰਬਿਕਾ ਪਾਲ ਨੇ ਵਿਰੋਧੀ ਧਿਰਾਂ ਨੂੰ ਕਾਰਵਾਈ ਜਾਰੀ ਰੱਖਣ ਦੀ ਅਪੀਲ ਕੀਤੀ ਪਰ ਉਹ ਹੰਗਾਮਾ ਕਰਦੇ ਰਹੇ।