Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਆਦੇਸ਼; ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ...

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਆਦੇਸ਼; ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ

ਚੰਡੀਗੜ੍ਹ, 18 ਜੂਨ – ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਬਹੁ-ਦਿਸ਼ਾਵੀ ਰਣਨੀਤੀ ਉਲੀਕੀ ਹੈ।

ਇੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸਿੰਗ ਵਿੱਚ ਕਈ ਸੁਧਾਰ ਲਿਆਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੀਆਂ ਤਿਆਰੀਆਂ ਦੌਰਾਨ ਪੰਜਾਬ ਪੁਲਿਸ ਨੇ ਬਹੁਤ ਵੱਡੀ ਮਾਤਰਾ ਵਿੱਚ ਨਕਦੀ ਤੇ ਨਸ਼ੇ ਫੜੇ ਹਨ ਅਤੇ ਨਸ਼ਿਆਂ ਦੀ ਸਪਲਾਈ ਬਾਰੇ ਅਹਿਮ ਜਾਣਕਾਰੀਆਂ ਜੁਟਾਈਆਂ ਹਨ। ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਕਈ ਹੇਠਲੇ ਪੱਧਰ ਦੇ ਪੁਲਿਸ ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਨਾਲ ਗੰਢ-ਤੁੱਪ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਦਰਜਾਬੰਦੀ ਵਿੱਚ ਸੱਭ ਤੋਂ ਹੇਠਲੇ ਪੱਧਰ ਉਤੇ ਆਉਂਦੇ ਅਤੇ ਲੰਮੇ ਸਮੇਂ ਤੋਂ ਇਕੋ ਥਾਈਂ ਤਾਇਨਾਤ ਪੁਲਿਸ ਮੁਲਾਜ਼ਮਾਂ ਦੀਆਂ ਵੱਡੇ ਪੱਧਰ ਉਤੇ ਬਦਲੀਆਂ ਕੀਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਡਿਵੀਜ਼ਨਾਂ ਵਿੱਚ ਤਾਇਨਾਤ 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਤਾਇਨਾਤੀਆਂ ਵਿੱਚ ਰੋਟੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮਗਲਿੰਗ ਨੂੰ ਠੱਲ੍ਹ ਪਾਉਣ ਲਈ ਕਦਮ ਚੁੱਕਿਆ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਰਿਪੋਰਟਾਂ ਮਿਲੀਆਂ ਹਨ ਕਿ ਹੇਠਲੇ ਪੱਧਰ ਉਤੇ ਕਈ ਪੁਲਿਸ ਅਫ਼ਸਰਾਂ ਦੀ ਨਸ਼ਾ ਤਸਕਰਾਂ ਨਾਲ ਸਾਂਝ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿਚਲੀਆਂ ਇਨ੍ਹਾਂ ਕਾਲੀਆਂ ਭੇਡਾਂ ਦੀ ਸ਼ਨਾਖ਼ਤ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਨਸ਼ਿਆਂ ਦੀ ਸਮਗਲਿੰਗ ਵਿੱਚ ਸ਼ਾਮਲ ਪਾਇਆ ਗਿਆ ਤਾਂ ਪੁਲਿਸ ਇਕ ਹਫ਼ਤੇ ਦੇ ਅੰਦਰ-ਅੰਦਰ ਉਸ ਦੀ ਜਾਇਦਾਦ ਜ਼ਬਤ ਕਰੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਨੀਤੀ ਨੂੰ ਮਿਸ਼ਨਰੀ ਭਾਵਨਾ ਨਾਲ ਲਾਗੂ ਕਰਨ ਲਈ ਕਿਹਾ ਗਿਆ ਤਾਂ ਕਿ ਨਸ਼ਾ ਤਸਕਰੀ ਨੂੰ ਠੱਲ੍ਹਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ ਫੋਰਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਇਕ ਪਾਸੇ ਅਪਰਾਧ ਨੂੰ ਰੋਕਣ ਵਿੱਚ ਮਦਦ ਮਿਲੇਗੀ, ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਸਫ਼ਲਤਾਪੂਰਵਕ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੇ ਆਪਣੀ ਹੋਂਦ ਤੋਂ ਬਾਅਦ ਹੁਣ ਤੱਕ ਸੜਕ ਹਾਦਸਿਆਂ ਤੋਂ ਬਾਅਦ ਦੋ ਹਜ਼ਾਰ ਤੋਂ ਵੱਧ ਕੀਮਤੀ ਜਾਨਾਂ ਬਚਾਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਨੂੰ ਸੂਬੇ ਦੀ ਭਲਾਈ ਲਈ ਜਨਤਕ ਲਹਿਰ ਵਿੱਚ ਬਦਲਣ ਲਈ ਆਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਦਿਨ ਚਲੇ ਗਏ, ਜਦੋਂ ਸੂਬਾ ਸਰਕਾਰ ‘ਕਮਿਸ਼ਨ’ ਉਤੇ ਚੱਲਦੀ ਸੀ। ਹੁਣ ਤਾਂ ਸਰਕਾਰ ‘ਮਿਸ਼ਨ’ ਵਾਂਗ ਚੱਲ ਰਹੀ ਹੈ। ਇਸੇ ਤਰ੍ਹਾਂ ਸੂਬੇ ਵਿੱਚ ਸਮਗਲਿੰਗ ਲਈ ਡਰੋਨਾਂ ਦੀ ਵਰਤੋਂ ਕਰਨ ਵਾਲੇ ਸਮਗਲਰਾਂ, ਗੈਂਗਸਟਰਾਂ ਤੇ ਅਤਿਵਾਦੀਆਂ ਨਾਲ ਸਿੱਝਣ ਲਈ ਤਫ਼ਸੀਲ ਨਾਲ ਰਣਨੀਤੀ ਬਣਾਈ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬਿਲਕੁੱਲ ਵੀ ਨਸ਼ਾ ਪੈਦਾ ਨਹੀਂ ਹੁੰਦਾ, ਸਗੋਂ ਹੋਰ ਸੂਬਿਆਂ ਤੇ ਸਰਹੱਦ ਪਾਰੋਂ ਨਸ਼ਾ ਸਮਗਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਥਾਣਿਆਂ ਵਿੱਚ ਰੋਜ਼ਾਨਾ ਦੇ ਕੰਮਕਾਜ ਲਈ ਆਉਣ ਵਾਲੇ ਲੋਕਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਲਈ ਕਿਹਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਥਾਣਿਆਂ ਵਿੱਚ ਆਉਣ ਵਾਲੇ ਆਮ ਲੋਕਾਂ ਦੀ ਬੇਲੋੜੀ ਪ੍ਰੇਸ਼ਾਨੀ ਲਈ ਸਬੰਧਤ ਜ਼ਿਲ੍ਹੇ ਦੇ ਐਸ.ਐਸ.ਪੀਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾ।