ਤਰਨਤਾਰਨ – ਰੀਜਨਲ ਟਰਾਂਸਪੋਰਟ ਅਥਾਰਟੀ ਦਫਤਰਾਂ ਵਿੱਚ ਡਰਾਈਵਿੰਗ ਲਾਈਸੈਂਸ ਨੂੰ ਲੈ ਕੇ ਹੋਣ ਵਾਲੀ ਖੱਜਲ ਖਵਾਰੀ ਤੋਂ ਲੋਕਾਂ ਨੂੰ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਵਿਸ਼ੇਸ਼ ਕਦਮ ਚੁੱਕਿਆ ਜਾ ਰਿਹਾ ਹੈ। ਜਿਸ ਵਿੱਚ ਡਰਾਈਵਿੰਗ ਟੈਸਟ ਪਾਸ ਕਰਨ ਤੋਂ ਕੁਝ ਸਮੇਂ ਬਾਅਦ ਹੀ ਮੌਕੇ ਤੇ ਡਰਾਈਵਿੰਗ ਲਾਈਸੈਂਸ ਜਾਰੀ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਜਗ ਬਾਣੀ ਨਾਲ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਗੱਲਬਾਤ ਕਰਦਿਆਂ ਸਾਂਝੀ ਕੀਤੀ।
ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਦੇ ਨਾਲ ਹੀ ਭਰਿਸ਼ਟਾਚਾਰ ਦੇ ਖਿਲਾਫ ਪਹਿਲਾ ਕਦਮ ਚੁੱਕਿਆ ਗਿਆ ਸੀ। ਜਿਸ ਦੇ ਚਲਦਿਆਂ ਸਰਕਾਰੀ ਦਫਤਰਾਂ ਵਿੱਚ ਭਰਿਸ਼ਟਾਚਾਰ ਦੇ ਖਿਲਾਫ ਵੱਡੇ ਪੱਧਰ ਉੱਪਰ ਕਾਮਯਾਬੀ ਪ੍ਰਾਪਤ ਹੋਈ ਹੈ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀਤੇ ਸਮੇਂ ਦੌਰਾਨ ਰੀਜਨਲ ਟਰਾਂਸਪੋਰਟ ਅਥਾਰਟੀ ਦਫਤਰਾਂ ਵਿੱਚ ਏਜੰਟ ਰਾਜ ਨੂੰ ਖਤਮ ਕਰਦੇ ਹੋਏ ਵੱਡੀ ਗਿਣਤੀ ਦੌਰਾਨ ਭ੍ਰਿਸ਼ਟ ਕਰਮਚਾਰੀਆਂ ਉੱਪਰ ਨਕੇਲ ਪਾਈ ਗਈ ਹੈ।