Monday, August 11, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ...

ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਬੱਲਾਂ (ਜਲੰਧਰ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਤਕਰੀਬਨ 3.4 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਅਤੇ ਮੁੱਖ ਪੰਪਿੰਗ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ।

ਮੁੱਖ ਮੰਤਰੀ ਅੱਜ ਇੱਥੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ।

ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਧਾਰਮਿਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਕਰ ਕੇ ਉਹ ਧੰਨ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਮਾਰਗ `ਤੇ ਚੱਲਦਿਆਂ ਪੰਜਾਬ ਸਰਕਾਰ ਨੇ ਸਿਹਤ, ਰੋਜ਼ਗਾਰ ਅਤੇ ਹੋਰ ਮੁੱਖ ਖੇਤਰਾਂ ਦੇ ਨਾਲ-ਨਾਲ ਸਿੱਖਿਆ ਖੇਤਰ ਨੂੰ ਤਰਜੀਹ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਇਨ੍ਹਾਂ ਖੇਤਰਾਂ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਸੁਧਾਰਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਅੱਜ ਵਿਦਿਅਕ ਨਤੀਜਿਆਂ ਵਿੱਚ ਪੰਜਾਬ, ਦੇਸ਼ ਦੀ ਅਗਵਾਈ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਕਮਜ਼ੋਰ ਅਤੇ ਪਛੜੇ ਪਿਛੋਕੜ ਵਾਲੇ ਵਿਦਿਆਰਥੀ ਹੁਣ ਨੀਟ ਅਤੇ ਜੇ.ਈ.ਈ. ਵਰਗੀਆਂ ਵੱਕਾਰੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਜੋ ਸੂਬੇ ਦੇ ਸਮਰਪਿਤ ਯਤਨਾਂ ਦਾ ਨਤੀਜਾ ਹੈ।

ਸੂਬਾ ਸਰਕਾਰ ਦੀ ਮੀਲ ਦਾ ਪੱਥਰ ਸਾਬਤ ਹੋਣ ਵਾਲੀ ਇਕ ਹੋਰ ਪਹਿਲਕਦਮੀ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਖ਼ਾਸ ਤੌਰ ਉੱਤੇ ਜ਼ਿਕਰ ਕੀਤਾ। ਦੇਸ਼ ਭਰ ਵਿੱਚ ਆਪਣੀ ਤਰ੍ਹਾਂ ਦੀ ਇਸ ਪਹਿਲੀ ਸਕੀਮ ਤਹਿਤ ਪੰਜਾਬ ਵਾਸੀ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਮੁਹੱਈਆ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਇਸ ਨਾਲ ਪਰਿਵਾਰਾਂ ਤੋਂ ਵਿੱਤੀ ਬੋਝ ਕਾਫ਼ੀ ਹੱਦ ਤੱਕ ਘਟੇਗਾ ਅਤੇ ਉਨ੍ਹਾਂ ਨੂੰ ਮਿਆਰੀ ਸਿਹਤ ਸੰਭਾਲ ਯਕੀਨੀ ਬਣੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਕਿਉਂਕਿ ਡੇਰਾ ਸੱਚਖੰਡ ਬੱਲਾਂ ਵਿੱਚ ਹੁਣ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਮੇਨ ਪੰਪਿੰਗ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਐਸ.ਟੀ.ਪੀ. ਦੀ ਸਮਰੱਥਾ 0.5 ਐਮ.ਐਲ.ਡੀ. (ਮਿਲੀਅਨ ਲਿਟਰ ਪ੍ਰਤੀ ਦਿਨ) ਹੈ ਅਤੇ ਇਸ ਪ੍ਰਾਜੈਕਟ ਦੇ 12 ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ, ਜਿਸ ਉੱਤੇ 3.4 ਕਰੋੜ ਰੁਪਏ ਦੀ ਲਾਗਤ ਆਏਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਡੇਰਾ ਸੱਚਖੰਡ ਬੱਲਾਂ ਵਿੱਚ ਬਾਕਾਇਦਾ ਸਤਿਕਾਰ ਭੇਟ ਕਰਨ ਲਈ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਨ ਮੁਹੱਈਆ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸੈਨੀਟੇਸ਼ਨ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਤੋਂ ਸਾਫ਼ ਕੀਤੇ ਪਾਣੀ ਦੀ ਮੁੜ ਵਰਤੋਂ ਹੋਵੇਗੀ, ਜਿਸ ਨਾਲ ਤਕਰੀਬਨ 13 ਹੈਕਟੇਅਰ ਜ਼ਮੀਨ ਨੂੰ ਸਿੰਜਾਈ ਸਹੂਲਤਾਂ ਮੁਹੱਈਆ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਸਾਫ਼ ਪਾਣੀ, ਬਿਹਤਰ ਸਿਹਤ ਸਹੂਲਤਾਂ, ਵਾਤਾਵਰਣ ਸੁਰੱਖਿਆ ਅਤੇ ਧਰਤੀ ਹੇਠਲੇ ਪਾਣੀ `ਤੇ ਨਿਰਭਰਤਾ ਘਟਾਉਣ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਵਿੱਚ ਯੋਗਦਾਨ ਪਾਉਣ ਲਈ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੀ ਹੈ।

ਮੁੱਖ ਮੰਤਰੀ ਨੇ ਮੰਨਿਆ ਕਿ ਡੇਰਾ ਸੱਚਖੰਡ ਬੱਲਾਂ ਨੇ ਸਮਾਜ ਭਲਾਈ ਵਿੱਚ ਲਗਾਤਾਰ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਕਈ ਵਾਰ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਡੇਰੇ ਦੀ ਸ਼ਲਾਘਾ ਕੀਤੀ ਕਿ ਇਹ ਡੇਰਾ ਬਰਾਬਰੀ ਵਾਲੇ ਸਮਾਜ ਦੇ ਆਦਰਸ਼ਾਂ ਦੇ ਪੈਰੋਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਲੱਖਾਂ ਪੈਰੋਕਾਰਾਂ ਲਈ ਪ੍ਰੇਰਨਾ ਸਰੋਤ ਹੈ। ਭਗਵੰਤ ਸਿੰਘ ਮਾਨ ਨੇ ਜਨਤਾ ਦੀ ਸਮਾਜਿਕ ਅਤੇ ਆਰਥਿਕ ਭਲਾਈ ਵਿੱਚ ਡੇਰੇ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ, ਜਿਸ ਵਿੱਚ ਪਛੜੇ ਭਾਈਚਾਰਿਆਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਯਤਨ ਸ਼ਾਮਲ ਹਨ। ਉਨ੍ਹਾਂ ਨੇ ਡੇਰੇ ਵੱਲੋਂ ਸਮਾਜ ਭਲਾਈ ਲਈ ਵੱਡੇ ਪਧਰ `ਤੇ ਕੀਤੇ ਗਏ ਪਰਉਪਕਾਰੀ ਕਾਰਜਾਂ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਲਕਾਰ ਸਿੰਘ, ਇੰਦਰਜੀਤ ਕੌਰ ਮਾਨ ਅਤੇ ਜਸਵੀਰ ਸਿੰਘ ਗਿਲ, ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਅਤੇ ਹੋਰ ਹਾਜ਼ਰ ਸਨ।

———–