ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ/ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਸੁਤੰਰਤਾ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਲਸ ਬਲ ਨੂੰ ਮੌਜੂਦਾ ਸੁਰੱਖਿਆ ਵਿਵਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਹੱਦੀ ਸੂਬੇ ਵਿਚ ਕਿਸੇ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਨੂੰ ਰੋਕਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਉੱਚ-ਪੱਧਰੀ ਨਾਕਿਆਂ ਅਤੇ ਹਰ ਸਮੇਂ ਨਿਗਰਾਨੀ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਡੀਜੀਪੀ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਪੁਲਸ ਰੇਂਜਾਂ – ਸਰਹੱਦੀ, ਜਲੰਧਰ, ਲੁਧਿਆਣਾ ਅਤੇ ਰੋਪੜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕਰਨ ਲਈ ਦੌਰੇ ‘ਤੇ ਸਨ। ਉਨ੍ਹਾਂ ਨੇ ਸੂਬੇ ਵਿਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਅਤੇ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦਾ ਵੀ ਜਾਇਜ਼ਾ ਲਿਆ।
ਨਸ਼ਿਆਂ ਖਿਲਾਫ ਜ਼ੀਰੋ-ਸਹਿਣਸ਼ੀਲਤਾ ਰਵੱਈਏ ਦੀ ਪੁਸ਼ਟੀ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਐੱਨਡੀਪੀਐੱਸ ਐਕਟ ਨੂੰ ਸਖ਼ਤ, ਪਾਰਦਰਸ਼ੀ ਅਤੇ ਬਿਨਾਂ ਕਿਸੇ ਸਮਝੌਤੇ ਦੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਬੇ ਵਿਚੋਂ ਨਸ਼ਿਆਂ ਦਾ ਜੜ੍ਹੋਂ ਖ਼ਾਤਮਾ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਐੱਨਡੀਪੀਐੱਸ ਐਕਟ ਦੀ ਧਾਰਾ 68-ਐਫ ਤਹਿਤ ਵਿੱਤੀ ਢੰਗ ਨਾਲ ਜਾਂਚ ਕਰਨ ਅਤੇ ਹਵਾਲਾ ਸੰਚਾਲਕਾਂ ਵਿਰੁੱਧ ਕਾਰਵਾਈ ਕਰਕੇ ਨਸ਼ਾ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਵੀ ਕਿਹਾ। ਆਗਾਮੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐੱਸਐੱਸਪੀਜ਼ ਨੂੰ ਸਾਰੀਆਂ ਮਹੱਤਵਪੂਰਨ ਥਾਵਾਂ ‘ਤੇ ਪੁਲਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ, ਡੋਮੀਨੇਸ਼ਨ ਆਪਰੇਸ਼ਨਾਂ ਨੂੰ ਹੋਰ ਤੇਜ਼ ਕਰਨ ਅਤੇ ਹੋਰਨਾਂ ਰੋਕਥਾਮ ਅਤੇ ਜਾਸੂਸੀ ਉਪਾਵਾਂ ਨੂੰ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।