Sunday, August 17, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਪੰਜਾਬ ਵਿੱਚ ਸਾਉਣੀ ਦੀ ਮੱਕੀ ਹੇਠ ਰਕਬਾ ਵਧ ਕੇ 1 ਲੱਖ ਹੈਕਟੇਅਰ...

ਪੰਜਾਬ ਵਿੱਚ ਸਾਉਣੀ ਦੀ ਮੱਕੀ ਹੇਠ ਰਕਬਾ ਵਧ ਕੇ 1 ਲੱਖ ਹੈਕਟੇਅਰ ਹੋਇਆ; ਬੀਤੇ ਸਾਲ ਨਾਲੋਂ 16.27 ਫ਼ੀਸਦੀ ਦਾ ਇਜ਼ਾਫ਼ਾ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 14 ਅਗਸਤ:


ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਮੌਜੂਦਾ ਸੀਜ਼ਨ ਦੌਰਾਨ ਸਾਉਣੀ ਦੀ ਮੱਕੀ ਅਧੀਨ ਰਕਬੇ ਵਿੱਚ 16.27 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਦੀ ਮੱਕੀ ਅਧੀਨ ਸਾਲ 2024 ਵਿੱਚ 86,000 ਹੈਕਟੇਅਰ ਰਕਬਾ ਸੀ, ਜੋ ਹੁਣ ਵਧ ਕੇ 1 ਲੱਖ ਹੈਕਟੇਅਰ ਹੋ ਗਿਆ ਹੈ।

ਅੱਜ ਇੱਥੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਦੀ ਫਸਲ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੱਕੀ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਿੰਨਤਾ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇੱਕ ਅਹਿਮ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਸੀ, ਜਿਸ ਤਹਿਤ ਛੇ ਜ਼ਿਲ੍ਹਿਆਂ – ਬਠਿੰਡਾ, ਸੰਗਰੂਰ, ਕਪੂਰਥਲਾ, ਜਲੰਧਰ, ਗੁਰਦਾਸਪੁਰ ਅਤੇ ਪਠਾਨਕੋਟ – ਵਿੱਚ 12,000 ਹੈਕਟੇਅਰ ਰਕਬਾ ਝੋਨੇ ਤੋਂ ਸਾਉਣੀ ਦੀ ਮੱਕੀ ਦੀ ਕਾਸ਼ਤ ਅਧੀਨ ਲਿਆਂਦਾ ਜਾਣਾ ਸੀ। ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ, ਸੂਬਾ ਸਰਕਾਰ ਨੇ ਇਸ ਪਾਇਲਟ ਪ੍ਰੋਜੈਕਟ ਤਹਿਤ ਪ੍ਰਤੀ ਹੈਕਟੇਅਰ 17,500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਸੀ। ਇਸ ਤੋਂ ਇਲਾਵਾ, ਇਸ ਤਬਦੀਲੀ ਸਬੰਧੀ ਕਿਸਾਨਾਂ ਦੇ ਮਾਰਗਦਰਸ਼ਨ ਅਤੇ ਸਹਾਇਤਾ ਲਈ 185 ਕਿਸਾਨ ਮਿੱਤਰ ਨਿਯੁਕਤ ਕੀਤੇ ਗਏ ਹਨ।

ਇਸ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਖੇਤੀਬਾੜੀ, ਪੰਜਾਬ ਮੰਡੀ ਬੋਰਡ ਅਤੇ ਮਾਰਕਫੈੱਡ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਦੇ ਗਠਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਮੱਕੀ ਕਾਸ਼ਤਕਾਰਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਦੀ ਵੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਮੱਕੀ ਦੀ ਫਸਲ ਵਿੱਚ ਨਮੀ ਦੇ ਅਨੁਕੂਲ ਪੱਧਰ ਨੂੰ ਬਣਾਈ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਦੱਸਿਆ ਕਿ ਨਮੀ ਦੀ ਮਾਤਰਾ 14 ਫ਼ੀਸਦ ਤੋਂ ਵੱਧ ਨਹੀਂ ਹੋਣੀ ਚਾਹੀਦੀ। ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ, ਉਨ੍ਹਾਂ ਨੇ ਮੁੱਖ ਖੇਤੀਬਾੜੀ ਅਧਿਕਾਰੀਆਂ ਅਤੇ ਫੀਲਡ ਸਟਾਫ ਨੂੰ ਕਿਸਾਨਾਂ ਨੂੰ ਮੱਕੀ ਦੀ ਸੁੱਕੀ ਫਸਲ ਮੰਡੀਆਂ ਵਿੱਚ ਲਿਆਉਣ ਲਈ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ ਜਾ ਸਕੇ।

ਇਸ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ, ਮਾਰਕਫੈੱਡ ਦੇ ਐਮ.ਡੀ. ਸ੍ਰੀ ਕੁਮਾਰ ਅਮਿਤ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।