ਚੰਡੀਗੜ੍ਹ/ਅੰਮ੍ਰਿਤਸਰ – ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਸੋਮਵਾਰ ਨੂੰ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਅੰਮ੍ਰਿਤਸਰ ਨਗਰ ਨਿਗਮ ਦੇ ਦੋ ਕੌਂਸਲਰ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੌਂਸਲਰ ਸ਼ਿਵਾਲੀ (ਵਾਰਡ ਨੰ. 79) ਅਤੇ ਕੌਂਸਲਰ ਡਾ. ਅਵਤਾਰ ਸਿੰਘ (ਵਾਰਡ ਨੰ. 72) ਦਾ ਪਾਰਟੀ ‘ਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ। ਦੋਵੇਂ ਆਗੂਆਂ ਨੇ ਪਹਿਲਾਂ ਕਾਂਗਰਸ ਪਾਰਟੀ ਤੋਂ ਚੋਣ ਲੜ ਕੇ ਜਿੱਤ ਪ੍ਰਾਪਤ ਕੀਤੀ ਸੀ ਪਰ ‘ਆਪ’ ਦੀ ਲੋਕ-ਕੇਂਦ੍ਰਿਤ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਉਹ ਪਾਰਟੀ ਵਿੱਚ ਸ਼ਾਮਲ ਹੋ ਗਏ, ਜੋਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਪਾਰਟੀ ਲਈ ਇਕ ਮਹੱਤਵਪੂਰਨ ਵਾਧਾ ਹੈ।
ਇਸ ਮੌਕੇ ਅੰਮ੍ਰਿਤਸਰ ਦੇ ਮੇਅਰ ਮੋਤੀ ਭਾਟੀਆ, ਆਗੂ ਸ਼ਮਸ਼ੇਰ ਸਿੰਘ, ਧਰਮਜੀਤ ਸਿੰਘ ਬੌਬੀ, ਹਰਜੋਤ ਸਿੰਘ ਅਤੇ ਜਸਪਾਲ ਸਿੰਘ ਪੁਤਲੀਘਰ ਵੀ ਨਵੇਂ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਆਪਣਾ ਸਮਰਥਨ ਅਤੇ ਸ਼ੁਭਕਾਮਨਾਵਾਂ ਦੇਣ ਲਈ ਮੌਜੂਦ ਸਨ। ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ‘ਚ ਆਗੂਆਂ ਦਾ ਲਗਾਤਾਰ ਸ਼ਾਮਲ ਹੋਣਾ ਪਾਰਟੀ ਦੇ ਸ਼ਾਸਨ ਵਿੱਚ ਲੋਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ‘ਚ ਪੰਜਾਬ ਵਿੱਚ ‘ਆਪ’ ਸਰਕਾਰ ਨੇ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਨਾਲ-ਨਾਲ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਤੇਜ਼ੀ ਨਾਲ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਅਤੇ ਟੀਮ ਮਜ਼ਬੂਤ ਹੁੰਦੀ ਹੈ, ਤਾਂ ਸ਼ਹਿਰ ਤੇਜ਼ੀ ਨਾਲ ਵਿਕਾਸ ਕਰਦਾ ਹੈ। ਇਨ੍ਹਾਂ ਸਾਰੇ ਮੈਂਬਰਾਂ ਦੇ ਸ਼ਾਮਲ ਹੋਣ ਨਾਲ, ਸਾਡੇ ਮੇਅਰ ਮੋਤੀ ਭਾਟੀਆ ਅਤੇ ਉਨ੍ਹਾਂ ਦੇ ਸਾਥੀ ਅੰਮ੍ਰਿਤਸਰ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਵੀ ਤੇਜ਼ ਰਫ਼ਤਾਰ ਨਾਲ ਅੱਗੇ ਵਧਾਉਣਗੇ।