ਤਰਨਤਾਰਨ ਪੁਲਿਸ ਹੱਥ ਉਸ ਸਮੇਂ ਵੱਡੀ ਕਾਮਯਾਬੀ ਲੱਗੀ ਜਦੋਂ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਅੱਬੂ ਗੈਂਗ ਦੇ ਦੋ ਗੁਰਗਿਆਂ ਨੂੰ ਕਾਬੂ ਕਰ ਲਿਆ। ਇਸ ਦੇ ਨਾਲ ਪੁਲਿਸ ਨੇ ਕਾਬੂ ਕੀਤੇ ਸ਼ੱਕੀਆਂ ਤੋਂ ਹੈਰੋਇਨ ਅਤੇ 30 ਬੋਰ ਦਾ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਮਾਮਲੇ ਸੰਬੰਧੀ ਜਾਣਕਾਰੀ ਐੱਸਐੱਸਪੀ ਅਸ਼ਵਨੀ ਕਪੂਰ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਗਈ।
ਪੁਲਿਸ ਅਧਿਕਾਰੀਆਂ ਨੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਕਟਰ ਜਸਕਰਨ ਸਿੰਘ ਸੰਧੂ ਵਾਸੀ ਭਿੱਖੀਵਿੰਡ ਕੋਲੋਂ 50 ਲੱਖ ਦੀ ਫਿਰੌਤੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਡਾਕਟਰ ਦੀ ਸ਼ਿਕਾਇਤ ’ਤੇ 12 ਅਪ੍ਰੈਲ ਨੂੰ ਥਾਣਾ ਭਿੱਖੀਵਿੰਡ ’ਚ ਮੁਕੱਦਮਾ ਦਰਜ਼ ਕੀਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਥਾਣਾ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੋ ਮੁਲਜ਼ਮਾਂ ਜਸ਼ਨਦੀਪ ਸਿੰਘ ਬਾਟਾ ਅਤੇ ਦਿਲਜਾਨ ਸਿੰਘ ਪ੍ਰਿੰਸ ਵਾਸੀ ਪਹੂਵਿੰਡ ਨੂੰ ਭਿੱਖੀਵਿੰਡ ਦੀ ਦਾਣਾ ਮੰਡੀ ਤੋਂ ਹਿਰਾਸਤ ’ਚ ਲੈ ਲਿਆ।
ਐੱਸਐੱਸਪੀ ਅਸ਼ਵਨੀ ਕਪੂਰ ਨੇ ਅੱਗੇ ਦੱਸਿਆ ਕਿ ਕਾਬੂ ਕੀਤੇ ਦੋਵਾਂ ਮੁਲਜ਼ਮਾਂ ਕੋਲੋਂ 256 ਗ੍ਰਾਮ ਹੈਰੋਇਨ, 30 ਬੋਰ ਦਾ ਕੰਟਰੀਮੇਡ ਪਿਸਟਲ ਅਤੇ ਚਾਰ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁਲਜ਼ਮਾਂ ਦੀ ਪੁੱਛਗਿੱਛ ਦੇ ਅਧਾਰ ’ਤੇ ਵਰਿੰਦਰ ਸਿੰਘ ਅੱਬੂ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਜੋ ਕਿ ਬਠਿੰਡਾ ਜੇਲ੍ਹ ਵਿਚ ਬੰਦ ਹਨ, ਨੂੰ ਪ੍ਰੋਟੈਕਸ਼ਨ ਵਾਰੰਟ ’ਤੇ ਲਿਆ ਕੇ ਇਸ ਮਾਮਲੇ ਵਿਚ ਨਾਮਜ਼ਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਦੋ ਹੋਰ ਮੁਲਜ਼ਮ ਕਰਨ ਸਿੰਘ ਅਤੇ ਗੁਰਪਾਲ ਸਿੰਘ ਪਾਲਾ ਵਾਸੀ ਬੈਕਾਂ ਦੀ ਗ੍ਰਿਫ਼ਤਾਰੀ ਹੋਣੀ ਅਜੇ ਬਾਕੀ ਹੈ। ਜਿੰਨਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।