ਚੰਡੀਗੜ੍ਹ/ਸੁਲਤਾਨਪੁਰ ਲੋਧੀ : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ’ਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ’ਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫ਼ਸਲਾਂ ਅਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ। ਫ਼ਸਲਾਂ ਦੇ ਮੁਆਵਜ਼ੇ ਲਈ ਸੁਲਤਾਨਪੁਰ ਤੇ ਭੁਲੱਥ ਤਹਿਸੀਲ ਵਿਖੇ ਵਿਸ਼ੇਸ਼ ਗਿਰਦਾਵਰੀ ਦੇ ਵੀ ਹੁਕਮ ਦੇ ਦਿੱਤੇ ਗਏ ਹਨ।
ਸੁਲਤਾਨਪੁਰ ਲੋਧੀ ਦੇ ਪਿੰਡਾਂ ’ਚ ਬਿਆਸ ਦਰਿਆ ਵਿਖੇ ਪਾਣੀ ਦਾ ਪੱਧਰ ਵੱਧਣ ਕਰ ਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਲਰਟ ਹੈ ਅਤੇ ਡੈਮਾਂ ’ਚ ਪਾਣੀ ਦੀ ਸਥਿਤੀ ਅਤੇ ਦਰਿਆਵਾਂ ਦੀ ਸਥਿਤੀ ਉੱਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਤੇ ਹੋਰ ਅਧਿਕਾਰੀ ਵੀ ਸਨ। ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਕਿ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਲੋਕਾਂ ਤੱਕ ਸਿੱਧੀ ਪਹੁੰਚ ਕਰਨਗੇ। ਉਨ੍ਹਾਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਪਿੰਡਾਂ ਸਾਂਗਰਾ ਵਿਖੇ ਜਾ ਕੇ ਸੁੱਕੇ ਰਾਸ਼ਨ ਦੀ ਵੰਡ ਵੀ ਕੀਤੀ।