ਮੋਹਾਲੀ – ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਗਈ ਹੈ। ਅੱਜ ਵਿਜੀਲੈਂਸ ਬਿਊਰੋ ਨੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਅਦਾਲਤ ਵੱਲੋਂ ਰਿਪੋਰਟ ਲਈ 28 ਅਗਸਤ ਦੀ ਤਾਰੀਖ਼ ਨਿਰਧਾਰਤ ਕੀਤੀ ਗਈ ਹੈ।
ਸੂਤਰਾਂ ਮੁਤਾਬਕ ਵਿਜੀਲੈਂਸ ਬਿਊਰੋ ਨੇ ਲੰਬੀ ਜਾਂਚ-ਪੜਤਾਲ ਮਗਰੋਂ ਇਹ ਚਾਰਜਸ਼ੀਟ ਤਿਆਰ ਕੀਤੀ ਹੈ। ਇਸ ਵਿਚ ਮਜੀਠੀਆ ਮਾਮਲੇ ਨਾਲ ਜੁੜੀਆਂ ਕਈ ਜਾਣਕਾਰੀਆਂ ਹਨ। ਮੀਡੀਆ ਰਿਪੋਰਟਾਂ ਵਿਚ ਇਹ ਰਿਪੋਰਟ ਕਈ ਹਜ਼ਾਰ ਪੰਨਿਆਂ ਦੀ ਹੋਣ ਦੀ ਵੀ ਚਰਚਾ ਹੈ। ਇਹ ਵੀ ਦੱਸ ਦੇਈਏ ਕਿ ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਨੂੰ 25 ਜੂਨ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।