ਨੈਸ਼ਨਲ : ਜੰਮੂ-ਕਸ਼ਮੀਰ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਭਾਰੀ ਬਾਰਿਸ਼ ਨੇ ਵੱਡੇ ਪੱਧਰ ‘ਤੇ ਤਬਾਹੀ ਮਚਾਈ ਹੋਈ ਹੈ। ਰਾਜ ਦੇ ਕਈ ਹਿੱਸਿਆਂ ਵਿੱਚ ਜ਼ਮੀਨ ਖਿਸਕਣ, ਬੱਦਲ ਫਟਣ ਅਤੇ ਸੜਕ ਢਹਿਣ ਵਰਗੀਆਂ ਘਟਨਾਵਾਂ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਮੰਗਲਵਾਰ ਨੂੰ ਵੈਸ਼ਨੋ ਦੇਵੀ ਯਾਤਰਾ ਮਾਰਗ ‘ਤੇ ਅਰਧਕੁਮਾਰੀ ਨੇੜੇ ਜ਼ਮੀਨ ਖਿਸਕਣ ਕਾਰਨ 9 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 21 ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਕਟੜਾ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਸ਼ਰਧਾਲੂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਭਾਰੀ ਬਾਰਿਸ਼ ਕਾਰਨ ਯਾਤਰਾ ਪਹਿਲਾਂ ਹੀ ਮੁਅੱਤਲ ਕਰ ਦਿੱਤੀ ਗਈ ਸੀ, ਪਰ ਕੁਝ ਸ਼ਰਧਾਲੂ ਰਸਤੇ ‘ਚ ਫਸ ਗਏ ਸਨ। ਇਹ ਹਾਦਸਾ ਇੰਦਰਪ੍ਰਸਥ ਭੋਜਨਾਲਿਆ ਦੇ ਨੇੜੇ ਹੋਇਆ, ਜੋ ਕਿ ਅਰਧਕੁਮਾਰੀ ਅਤੇ ਭਵਨ ਦੇ ਵਿਚਕਾਰ ਪੈਂਦਾ ਹੈ। SDRF, ਪੁਲਸ ਅਤੇ ਬਚਾਅ ਟੀਮਾਂ ਮੌਕੇ ‘ਤੇ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਸਨ।