ਪੰਜਾਬ ਦੇ ਖੇਤਾਂ ’ਚ ਫਸਲਾਂ ਦੀ ਪੈਦਵਾਰ ਵਧਾਉਣ ਲਈ ਕੀਟਨਾਸ਼ਕ ਦਵਾਈਆਂ ਦੀ ਅੰਨ੍ਹੇਵਾਹ ਵਰਤੋਂ ਕੀਤੀ ਜਾ ਰਹੀ ਹੈ। ਪਰ ਇੰਨ੍ਹਾਂ ਕੀਟਨਾਸ਼ਕ ਦਵਾਈਆਂ ਦੀ ਅੰਨ੍ਹਵਾਹ ਵਰਤੋਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਹੁਣ ਖ਼ਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਨੂੰ ਬਚਾਉਣ ਅਤੇ ਚੰਗੀ ਸਿਹਤ ਦੇ ਹਵਾਲੇ ਵਿੱਚ ਇਹ ਬਹੁਤ ਜ਼ਰੂਰੀ ਅਤੇ ਮਹੱਤਵਪੂਰਨ ਮੁੱਦਾ ਬਣ ਗਿਆ ਹੈ, ਜਿਸ ਨੂੰ ਸੁਚੱਜੇ ਢੰਗ-ਤਰੀਕੇ ਨਾਲ ਹੱਲ ਕੀਤਾ ਜਾਣਾ ਲਾਜ਼ਮੀ ਹੈ।
ਦਰਅਸਲ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਖਤਰਨਾਕ ਕੀਟਨਾਸ਼ਕਾਂ ਦੀ ਵਰਤੋਂ ਦੇ ਵਿਸ਼ੇ ’ਤੇ ਚਿੰਤਾਵਾਂ ਨੂੰ ਲੈ ਕੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ’ਤੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇੱਥ ਸੰਬੋਧਨ ਕਰਦਿਆਂ ਸੰਧਵਾਂ ਨੇ ਖ਼ਤਰਨਾਕ ਕੀਟਨਾਸ਼ਕ ਦਵਾਈਆਂ ਦੀ ਵਰਤੋਂ ’ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਜੈਵਿਕ ਖੇਤੀ ਅਤੇ ਵਿਰਾਸਤੀ ਖੇਤੀ ਤਕਨੀਕਾਂ ਦੀ ਵਰਤੋਂ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਨੇ ਅਨਾਜ ਦੇ ਉਦਪਾਦਨ ’ਤੇ ਵੱਧ ਝਾੜ ਪੈਂਦਾ ਕਰਨ ‘ਚ ਦੇਸ਼ ਦੀ ਅਗਵਾਈ ਕੀਤੀ ਹੈ। ਹੁਣ ਪੰਜਾਬ ਜ਼ਹਿਰਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਘਟਾ ਕੇ ਕੁਆਲਿਟੀ ਅਨਾਜ ਅਤੇ ਫਸਲਾਂ ਪੈਦਾ ਕਰਨ ‘ਚ ਵੀ ਮੋਹਰੀ ਸਾਬਿਤ ਹੋਵੇਗਾ। ਕੀਟਨਾਸ਼ਕ ਦਵਾਈਆਂ ਤੇ ਕੈਮੀਕਲਾਂ ਦੀ ਵਰਤੋਂ ਨਾਲ ਮਨੁੱਖੀ ਸਿਹਤ ਅਤੇ ਵਾਤਾਵਰਨ ਹੌਲੀ-ਹੌਲੀ ਖਤਰਨਾਕ ਦਿਸ਼ਾ ਵੱਲ ਜਾ ਰਿਹਾ ਹੈ। ਇਸ ਬਾਰੇ ਕਿਸਾਨਾਂ, ਲੋਕਾਂ ਅਤੇ ਸਮਾਜ ਨੂੰ ਜਾਗਰੂਕ ਕੀਤੇ ਜਾਣ ਦੀ ਬੇਹੱਦ ਜ਼ਰੂਰਤ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੀਟਨਾਸ਼ਕਾਂ ਦੀ ਵਰਤੋਂ ਨਾਲ ਭਾਵੇਂ ਉਤਪਾਦਨ ਵਧਦਾ ਹੈ ਪਰ ਇਹ ਵਰਤਾਰਾ ਹੌਲੀ-ਹੌਲੀ ਮਨੁੱਖ ਦੀ ਹੋਂਦ ਲਈ ਖਤਰਾ ਬਣਦਾ ਜਾ ਰਿਹਾ ਹੈ। ਹੋਰ ਵੱਧ ਮੁਨਾਫਾ ਲੈਣ ਦੀ ਖਾਤਿਰ ਕੀਟਨਾਸ਼ਕਾਂ ਦੀ ਵਰਤੋਂ ਬੇਹੱਦ ਖਤਰਨਾਕ ਰੁਝਾਨ ਹੈ, ਜਿਸਤੋਂ ਸਰਕਾਰ, ਸਵੈ ਮੇਵੀ ਸੰਸਥਾਵਾਂ, ਕਿਸਾਨਾਂ ਅਤੇ ਸਮਾਜ ਦੀ ਮਦਦ ਦੇ ਨਾਲ ਨਿਜਾਤ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
ਇਸ ਤੋਂ ਇਲਾਵਾ ਡਾ. ਬਲਬੀਰ ਸਿੰਘ, ਸਿਹਤ ਮੰਤਰੀ ਪੰਜਾਬ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਉਦਯੋਗਾਂ ਤੋਂ ਆ ਰਹੇ ਪਾਣੀ ਕਾਰਨ ਧਰਤੀ ਹੇਠਾਂ ਯੂਰੇਨੀਅਮ ਅਤੇ ਖ਼ਤਰਨਾਕ ਕੈਮੀਕਲਾਂ ਦਾ ਪੱਧਰ ਵਧ ਰਿਹਾ ਹੈ, ਜਿਸ ਨਾਲ ਕੈਂਸਰ ਜਿਹੀਆਂ ਜਾਨਲੇਵਾ ਬਿਮਾਰੀਆਂ ਵਧ ਰਹੀਆਂ ਹਨ। ਇਸ ਸਬੰਧੀ ਕਿਸਾਨਾਂ ਅਤੇ ਲੋਕਾਂ ਨੂੰ ਜਾਗਰੂਕ ਕਰਨਾ ਅਤੀ ਜ਼ਰੂਰੀ ਹੋ ਗਿਆ ਹੈ।
ਇਸ ਦੇ ਨਾਲ ਹੀ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਦਾ ਕਹਿਣਾ ਹੈ ਕਿ ਦਵਾਈਆਂ ਅਤੇ ਕਟਨਾਸ਼ਕਾਂ ਦੀ ਵਰਤੋ ਘਟਾਉਣ ਲਈ ਸੂਬਾ ਸਰਕਾਰ ਪਹਿਲਾਂ ਹੀ ਕਾਰਜ ਕਰ ਰਹੀ ਹੈ। ਪੰਜਾਬ ਸਰਕਾਰ ਨੇ 10 ਕੀਟਨਾਸ਼ਕ ਦਵਾਈਆਂ ਨੂੰ ਬੈਨ ਕੀਤਾ ਹੈ, ਜੋ ਕਿ ਬਾਸਮਤੀ ਦੀ ਫਸਲ ਨਾਲ ਸਬੰਧਤ ਹਨ।