ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਛੇਵੇਂ ਦਰਿਆ ’ਤੇ ਠੱਲ ਪਾਉਣ ਲਈ ਵੱਡੇ ਤੇ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇੱਕ ਪਾਸੇ ਜਿੱਥੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ ਤਾਂ ਉੱਥੇ ਹੀ ਨਸ਼ਿਆਂ ’ਤੇ ਠੱਲ ਪਾਉਣ ਲਈ ਵਿਭਾਗਾਂ ਨੂੰ ਤੇਜ਼ੀ ਨਾਲ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸੇ ਤਰ੍ਹਾਂ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਸ਼ਿਆਂ ਦੇ ਸ਼ੈਤਾਨ ’ਤੇ ਕਾਬੂ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
ਦਰਅਸਲ ਅੱਜ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਸੂਬਾ ਪੱਧਰੀ ਮੀਟਿੰਗ ਰੱਖੀ ਗਈ ਜਿਸ ਦੀ ਪ੍ਰਧਾਨਗੀ ਮੁੱਖ ਸਕੱਤਰ ਸ੍ਰੀ ਵਰਮਾ ਵੱਲੋਂ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (STF) ਨੂੰ ਵੱਡੇ ਪੱਧਰ ‘ਤੇ ਨਸ਼ਿਆ ਦਾ ਵਪਾਰ ਕਰਨ ਵਾਲੇ ਨਸ਼ਾ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਅਤੇ ਉਨ੍ਹਾਂ ਵੱਲੋਂ ਕੀਤੇ ਅਪਰਾਧਾਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਆਦਤਨ ਮਜ਼ਬੂਰ ਅਪਰਾਧੀਆਂ ਨੂੰ ਸਜ਼ਾ ਦੇਣ ਲਈ ਐਨ.ਡੀ.ਪੀ.ਐਸ ਐਕਟ ਦੀ ਸਖ਼ਤ ਧਾਰਾਵਾਂ ਬਾਰੇ ਪ੍ਰਚਾਰ ਕਰਨਾ ਸਮੇਂ ਦੀ ਲੋੜ ਹੈ।
ਇਸ ਦੇ ਨਾਲ ਹੀ ਮੁੱਖ ਸਕੱਤਰ ਨੇ ਕਿਹਾ ਕਿ ਅਧਿਕਾਰੀ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਸਬੰਧੀ ਮੁੱਖ ਮੰਤਰੀ, ਪੰਜਾਬ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਨਸ਼ਿਆਂ ਵਿਰੁੱਧ ਜੰਗ ਨੂੰ ਆਮ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਬਣਾਇਆ ਜਾਵੇ। ਸੂਬੇ ਭਰ ਦੇ ਕੈਮਿਸਟਾਂ ‘ਤੇ ਨਿਗਰਾਨੀ ਵਧਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਵਾਰ-ਵਾਰ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕੈਮਿਸਟਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆ ਕੇ ਉਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਜਾਣ।
ਇਸ ਤੋਂ ਇਲਾਵਾ ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲਾਂ ਅਤੇ ਕਾਲਜਾਂ ਵਿੱਚ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਵੱਡੇ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ ਤਾਂ ਜੋ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾ ਸਕੇ।