ਮਿਲਾਨ – ਪ੍ਰਵਾਸੀਆਂ ਖ਼ਿਲਾਫ਼ ਅਮਰੀਕਾ ਤੋਂ ਬਾਅਦ ਹੁਣ ਪੁਰਤਗਾਲ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ, ਜਿੱਥੇ ਰਹਿ ਰਹੇ ਵਿਦੇਸ਼ੀਆਂ ਨੂੰ ਸਰਕਾਰ ਦੇਸ਼ ਨਿਕਾਲਾ ਦੇਣ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ ‘ਚ 14,000 ਦੇ ਕਰੀਬ ਭਾਰਤੀ ਕਾਮੇ ਵੀ ਸ਼ਾਮਿਲ ਹਨ। ਸਰਕਾਰ ਦੇ ਇਸ ਖ਼ਿਲਾਫ਼ ਵੱਖ-ਵੱਖ ਦੇਸ਼ਾਂ ਤੋਂ ਆ ਕੇ ਪੁਰਤਗਾਲ ਵਿੱਚ ਰਹਿ ਰਹੇ ਪ੍ਰਵਾਸੀਆਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
ਜ਼ਿਕਰਯੋਗ ਹੈ ਕਿ 2 ਮਹੀਨੇ ਪਹਿਲਾਂ ਬਣੀ ਸਰਕਾਰ ਪ੍ਰਵਾਸੀ ਵਿਰੋਧੀ ਨੀਤੀਆਂ ਅਪਣਾ ਕੇ ਵਿਦੇਸ਼ੀਆਂ ਨੂੰ ਦੇਸ਼ ‘ਚੋਂ ਬਾਹਰ ਕੱਢਣਾ ਚਾਹੁੰਦੀ ਹੈ। ਪੁਰਤਗਾਲ ‘ਚੋਂ ਕੱਢੇ ਜਾਣ ਵਾਲੇ ਵੱਖ-ਵੱਖ ਦੇਸ਼ਾਂ ਨਾਲ ਸਬੰਧਤ ਵਿਦੇਸ਼ੀਆਂ ਦੀ ਗਿਣਤੀ 4 ਲੱਖ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਉਥੋਂ ਦੀ ਨਵੀਂ ਸਰਕਾਰ ਨੇ ਡਿਟੇਨ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।
ਪੰਜਾਬ ਤੋਂ ਵੀ ਹਜ਼ਾਰਾਂ ਨੌਜਵਾਨ ਪੁਰਤਗਾਲ ਵਿੱਚ ਰਹਿ ਰਹੇ ਹਨ ਅਤੇ ਪਿਛਲੇ 5-6 ਸਾਲ ਤੋਂ ਸਰਕਾਰ ਨੂੰ ਟੈਕਸ ਦੇ ਰਹੇ ਹਨ। ਉਹ ਸਾਰੇ ਕਾਨੂੰਨੀ ਤੌਰ ‘ਤੇ ਉਥੇ ਰਹਿ ਰਹੇ ਹਨ ਅਤੇ ਸਰਕਾਰ ਦੀਆਂ ਮੈਡੀਕਲ ਸਹੂਲਤਾਂ ਵੀ ਲੈ ਰਹੇ ਹਨ। ਇਸ ਦੇ ਬਾਵਜੂਦ ਨਵੀਂ ਸਰਕਾਰ ਧੱਕੇ ਨਾਲ ਉਨ੍ਹਾਂ ਨੂੰ ਉਥੋਂ ਕੱਢਣਾ ਚਾਹੁੰਦੀ ਹੈ। ਕਈਆਂ ਨੂੰ ਤਾਂ ਪੁਰਤਗਾਲ ਦੀ ਸਰਕਾਰ ਨੇ ਫੜ ਕੇ ਜੇਲ੍ਹਾਂ ‘ਚ ਵੀ ਬੰਦ ਕਰ ਦਿੱਤਾ ਹੈ, ਜਿਨ੍ਹਾਂ ‘ਚ 10-12 ਭਾਰਤੀ ਸ਼ਾਮਲ ਹਨ।

