ਪੰਜਾਬ ’ਚ ਲੋਕਾਂ ਦੇ ਸਿਹਤ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਚਨਬੱਧ ਨਜ਼ਰ ਆ ਰਹੀ ਹੈ। ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਗਲੀਆਂ-ਮੁਹੱਲਿਆਂ ’ਚ ਮੁਹੱਲਾ ਕਲੀਨਿਕ ਖੋਲੇ ਗਏ ਹਨ ਤਾਂ ਉੱਥੇ ਹੀ ਸੂਬੇ ਦੇ ਹਸਪਤਾਲਾਂ ’ਚ ਡਾਕਟਰਾਂ ਅਤੇ ਸਟਾਫ਼ ਦੀ ਕਮੀ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਸੂਬੇ ਦੇ ਜਿੰਨ੍ਹਾਂ ਹਸਪਤਾਲਾਂ ’ਚ ਡਾਕਟਰਾਂ ਦੀ ਕਮੀ ਹੈ, ਜਿੱਥੇ ਮੈਡੀਕਲ ਸਟਾਫ਼ ਨਹੀਂ ਹੈ। ਉੱਥੇ ਨਵੇਂ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਜਾਵੇਗੀ। ਕੁੱਲ ਦੋ ਹਜ਼ਾਰ ਡਾਕਟਰਾਂ ਦੀ ਭਰਤੀ ਕੀਤੀ ਜਾਣੀ ਹੈ। ਪਹਿਲੇ ਪੜ੍ਹਾਅ ਵਿੱਚ ਪੰਜ ਸੌ ਡਾਕਟਰਾਂ ਦੀ ਤੈਨਾਤੀ ਕੀਤੀ ਜਾਵੇਗੀ ਅਤੇ ਮੈਡੀਕਲ ਸਟਾਫ਼ ਦੀ ਕਮੀ ਨੂੰ ਪੂਰਾ ਕੀਤਾ ਜਾਵੇਗਾ। ਦਰਅਸਲ ਅੱਜ ਡਾਕਟਰ ਬਲਬੀਰ ਸਿੰਘ ਲੁਧਿਆਣਾ ਦੇ ਸਿਵਲ ਹਸਪਤਾਲ ਦਾ ਜਾਇਜ਼ਾ ਲੈਣ ਲਈ ਪਹੁੰਚੇ ਸੀ।
ਲੁਧਿਆਣਾ ਸਿਵਲ ਹਸਪਤਾਲ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਮੈਡੀਕਲ ਸਹੂਲਤਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇੱਥੇ ਵੱਡੀਆਂ ਸਰਜਰੀਆਂ ਹੋਣਗੀਆਂ। ਮਰੀਜ਼ਾਂ ਨੂੰ ਪੀਜੀਆਈ ਰੈਫਰ ਨਹੀਂ ਕੀਤਾ ਜਾਵੇਗਾ। ਹਰ ਤਰ੍ਹਾਂ ਦਾ ਇਲਾਜ ਇੱਥੇ ਹੀ ਕੀਤਾ ਜਾਵੇਗਾ। ਇਸ ਦੇ ਲਈ ਹਸਪਤਾਲ ਦੀਆਂ ਇਮਾਰਤਾਂ ਨੂੰ ਵੀ ਸੁਧਾਰਿਆ ਜਾ ਰਿਹਾ ਹੈ। ਇਮਾਰਤਾਂ ਦੀ ਮੁਰੰਮਤ ਦਾ ਕੰਮ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਐਕਸਰੇ ਅਤੇ ਅਲਟਰਾਸਾਊਂਡ ਮਸ਼ੀਨਾਂ ਭੇਜ ਦਿੱਤੀਆਂ ਗਈਆਂ ਹਨ। ਸ਼ਹਿਰੀ ਕਮਿਊਨਿਟੀ ਸੈਂਟਰਾਂ ਨੂੰ ਵੀ ਜੋੜਿਆ ਜਾ ਰਿਹਾ ਹੈ ਤਾਂ ਜੋ ਉੱਥੇ ਛੋਟੀਆਂ-ਮੋਟੀਆਂ ਸਰਜਰੀਆਂ ਕੀਤੀਆਂ ਜਾ ਸਕਣ।