ਜਲੰਧਰ (–ਤਿਉਹਾਰੀ ਸੀਜ਼ਨ ਦੇ ਨਜ਼ਦੀਕ ਆਉਂਦੇ ਹੀ ਸੂਬੇ ਭਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ. ਜੀ. ਪੀ. ਗੌਰਵ ਯਾਦਵ, ਆਈ. ਜੀ. ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਅਤੇ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ, ਡੀ. ਆਈ. ਜੀ. ਰੇਂਜ ਅਤੇ ਐੱਸ. ਐੱਸ. ਪੀਜ਼ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਸੂਬੇ ਭਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਸੇ ਕੜੀ ਅਧੀਨ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਤਿਉਹਾਰੀ ਸੀਜ਼ਨ ਦੇ ਨਜ਼ਦੀਕ ਆਉਂਦੇ ਹੀ ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸੀ. ਪੀ. ਧਨਪ੍ਰੀਤ ਕੌਰ ਨੇ ਦੱਸਿਆ ਕਿ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਸ਼ਹਿਰ ਵਿਚ 500 ਦੇ ਲਗਭਗ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਸ਼ੱਕੀ ਲੋਕਾਂ, ਚੋਰਾਂ-ਲੁਟੇਰਿਆਂ ਦੀ ਨਕੇਲ ਕੱਸਣ ਲਈ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਤੇ ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ਵਿਚ ਸਾਦੇ ਕੱਪੜਿਆਂ ਵਿਚ ਵੀ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ।

