ਜਲੰਧਰ ਪੱਛਮੀ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵੱਲੋਂ ਤਿਆਰੀ ਖਿੱਚੀ ਜਾ ਰਹੀ ਹੈ। ਇਸ ਵਿਚਾਲੇ ਜਲੰਧਰ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਐੱਸਸੀ ਕਮਿਸ਼ਨ ਪੰਜਾਬ ਦੇ ਮੈਂਬਰ ਰਾਜ ਕੁਮਾਰ ਮਲੋਈ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਸ਼ਿਵ ਸੈਨਾ ਸਮਾਜਵਾਦੀ ਦੇ ਰਾਸ਼ਟਰੀ ਪ੍ਰਧਾਨ ਕਮਲੇਸ਼ ਭਾਰਦਵਾਜ ਅਤੇ ਰਾਸ਼ਟਰੀ ਚੇਅਰਮੈਨ ਹਨੀ ਭਾਰਦਵਾਜ ਨੇ ਵੀ ਆਪਣੇ ਸੈਂਕੜੇ ਸਾਥੀਆਂ ਨਾਲ ‘ਆਪ’ ਦਾ ਪੱਲਾ ਫੜ ਲਿਆ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਸਵਾਗਤ ਕੀਤਾ ਅਤੇ ਰਸਮੀ ਤੌਰ ’ਤੇ ਸਾਰੇ ਆਗੂਆਂ ਨੂੰ ਪਾਰਟੀ ’ֈਚ ਸ਼ਾਮਲ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਤੇ ਸਾਡਾ ਸਮਰਥਨ ਕਰ ਰਹੇ ਹਨ। ਇਸ ਦੇ ਨਾਲ ਹੀ ਸੀਐੱਮ ਮਾਨ ਨੇ ਦਾਅਵਾ ਕੀਤਾ ਕਿ ਜਲੰਧਰ ਦੇ ਲੋਕ ਭਾਰੀ ਬਹੁਮਤ ਨਾਲ ‘ਆਪ’ ਉਮੀਦਵਾਰ ਮਹਿੰਦਰ ਭਗਤ ਨੂੰ ਜਿਤਾਉਣਗੇ ਤੇ ਧੋਖੇਬਾਜ਼ਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ, ਕਿਉਂਕਿ ਸਾਡਾ ਉਮੀਦਵਾਰ ਬਹੁਤ ਪੜ੍ਹਿਆ-ਲਿਖਿਆ, ਯੋਗ ਤੇ ਇਮਾਨਦਾਰ ਹੈ। ਉਨ੍ਹਾਂ ਦੀਆਂ ਦੋ ਪੀੜ੍ਹੀਆਂ ਨੇ ਜਲੰਧਰ ਦੇ ਲੋਕਾਂ ਦੀ ਸੇਵਾ ਕੀਤੀ ਹੈ।